ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 9 ਕਿਲੋਮੀਟਰ ਲੰਬੀ ਅਹਿਮ ਸੜਕ
ਨਵਾਂਸ਼ਹਿਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਨਵਾਂਸ਼ਹਿਰ ਵਿਚੋਂ ਲੰਘਦੀ 9
ਕਿਲੋਮੀਟਰ ਲੰਬੀ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ਼ ਦਾ ਸ਼ੁੱਭ ਆਰੰਭ ਕੀਤਾ ਗਿਆ।ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਈ ਜਾਣ ਵਾਲੀ ਕਰੀਬ 5 ਕਰੋੜ ਰੁਪਏ ਦੀ ਲਾਗਤ ਵਾਲੀ ਇਸ ਅਹਿਮ ਸੜਕ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਲੰਗੜੋਆ ਬਾਈਪਾਸ ਤੋਂ ਇਸ ਸੜਕ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਇਸ ਕੰਮ ਨੂੰ ਡੇਢ ਮਹੀਨੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਬਾਈਪਾਸ ਬਣਨ ਨਾਲ ਜਿਥੇ ਅੱਧੇ ਪੰਜਾਬ ਨੂੰ ਵੱਡੀ ਸਹੂਲਤ ਮਿਲੀ ਹੈ, ਉਥੇ ਇਸ ਪੁਰਾਣੇ ਰਸਤੇ ਦੇ ਬਣਨ ਨਾਲ ਇਲਾਕਾ ਵਾਸੀਆਂ ਦੇ ਨਾਲ-ਨਾਲ ਲੁਧਿਆਣਾ ਅਤੇ ਖੰਨਾ ਤੋਂ ਨਵਾਂਸ਼ਹਿਰ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਕਈ ਚਿੱਠੀਆਂ ਲਿਖੀਆਂ ਗਈਆਂ, ਜਿਸ ਤੋਂ ਬਾਅਦ ਇਸ ਸੜਕ ਦੇ ਕਾਇਆ ਕਲਪ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੇ ਪਹਿਲੇ ਪ੍ਰਾਜੈਕਟ ਡਾਇਰੈਕਟਰ ਯਸ਼ਪਾਲ ਯਾਦਵ ਅਤੇ ਹੁਣ ਵਾਲੇ ਪ੍ਰਾਜੈਕਟ ਡਾਇਰੈਕਟਰ ਮਿੱਤਲ ਵੱਲੋਂ ਇਸ ਪ੍ਰਕਿਰਿਆ ਨੂੰ ਤੇਜ਼ੀ ਨਾਲ ਅਮਲੀ ਜਾਮਾ ਪਹਿਨਾਉਣ ਵਿਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਆਪਣੀ ਤੇਜ਼-ਤਰਾਰ ਕਾਰਜਸ਼ੈਲੀ ਸਦਕਾ ਆਉਂਦਿਆਂ ਹੀ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਦਾ ਬੀੜਾ ਚੁੱਕਿਆ ਗਿਆ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਕਾਫੀ ਸਮੇਂ ਤੋਂ ਇਸ ਸੜਕ ਦੀ ਹਾਲਤ ਕਾਫੀ ਖਸਤਾ ਚੱਲ ਰਹੀ ਸੀ ਅਤੇ ਪੈਚ ਲਗਾ ਕੇ ਕੰਮ ਚਲਾਇਆ ਜਾ ਰਿਹਾ ਸੀ, ਪਰੰਤੂ ਹੁਣ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਲਈ ਬੇਹੱਦ ਅਹਿਮ ਇਸ ਸੜਕ ਦੇ ਕਾਇਆ ਕਲਪ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਇਹੀ ਸੜਕ ਸ਼ਹਿਰ ਨੂੰ ਦੋਵਾਂ ਪਾਸਿਆਂ ਤੋਂ ਫਗਵਾੜਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨਾਲ ਜੋੜਦੀ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਾਜਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਕੌਂਸਲਰ ਚੇਤ ਰਾਮ ਰਤਨ, ਕੌਂਸਲਰ ਪਰਵੀਨ ਭਾਟੀਆ, ਕੌਂਸਲਰ ਜਸਵੀਰ ਕੌਰ ਬਡਵਾਲ, ਗੁਰਮਿੰਦਰ ਸਿੰਘ ਬਡਵਾਲ, ਸ਼ਹਿਰੀ ਪ੍ਰਧਾਨ ਜੈਦੀਪ ਜਾਂਗੜਾ, ਬਲਾਕ ਸੰਮਤੀ ਮੈਂਬਰ ਰਾਜਾ ਤੇ ਟੋਨੀ, ਸਰਪੰਚ ਪ੍ਰੀਤਮ ਭਗਤ, ਸਰਪੰਚ ਬੀਰਾ, ਸਰਪੰਚ ਭਗਤ ਰਾਮ, ਸਰਪੰਚ ਗਿਆਨ ਸਿੰਘ, ਸਾਬਕਾ ਸਰਪੰਚ ਪ੍ਰੇਮ, ਪੰਚ ਬਲਬੀਰ, ਗੁਰਨੇਕ ਪਟਵਾਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Punjab Post Daily Online Newspaper & Print Media