ਪ੍ਰਾਈਵੇਟ ਲੈਬਾਂ ਲਈ ਡੇਂਗੂ ਦੇ ਇਲਾਇਜਾ ਟੈਸਟ ਦੀ ਵੱਧ ਤੋਂ ਵੱਧ ਕੀਮਤ 600/- ਰੁਪਏ ਨਿਰਧਾਰਤ
ਨਵਾਂਸ਼ਹਿਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਵਧ ਰਹੇ ਡੇਂਗੂ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਅੱਜ ਡੇਂਗੂ ਨੂੰ ਕੰਟਰੋਲ ਕਰਨ ਲਈ
ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ ਅਤੇ ਅਤੇ ਮੌਜ਼ੂਦਾ ਹਾਲਾਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸੁਹਿਰਦਤਾ ਨਾਲ ਪਾਲਣਾ ਕਰਨ ਲਈ ਕਿਹਾ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨਾਲ ਆਯੋਜਿਤ ਮੀਟਿੰਗ ਵਿਚ ਪ੍ਰਾਈਵੇਟ ਖੇਤਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਕੰਮਾਂ ਉੱਤੇ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਬੁਖਾਰ ਵਾਲੇ ਮਰੀਜ਼ਾਂ ਵਿਚ ਡੇਂਗੂ ਦੀ ਪੁਸ਼ਟੀ ਲਈ ਇਲਾਇਜਾ ਟੈਸਟ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੇ ਨਿੱਜੀ ਲੈਬਾਂ ਵਿੱਚ ਡੇਂਗੂ ਦੀ ਪੁਸ਼ਟੀ ਲਈ ਕੀਤੇ ਜਾਂਦੇ ਇਲਾਈਜਾ ਟੈਸਟ ਦੀ ਵੱਧ ਤੋਂ ਵੱਧ ਕੀਮਤ 600 ਰੁਪਏ ਨਿਰਧਾਰਤ ਕਰ ਦਿੱਤੀ ਹੈ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਡੇਂਗੂ ਬੁਖਾਰ ਦੀ ਪੁਸ਼ਟੀ ਲਈ ਕੇਵਲ ਇਲਾਈਜਾ ਟੈਸਟ ਹੀ ਮਾਨਤਾ ਪ੍ਰਾਪਤ ਹੈ ਜੋ ਕਿ ਸਰਕਾਰੀ ਹਸਪਤਾਲ ਵਿਚ ਮੁਫ਼ਤ ਕੀਤਾ ਜਾਂਦਾ ਹੈ, ਪਰ ਫਿਰ ਵੀ ਜੇਕਰ ਕੋਈ ਮਰੀਜ਼ ਪ੍ਰਾਈਵੇਟ ਲੈਬ ਤੋਂ ਡੇਂਗੂ ਬੁਖਾਰ ਦੀ ਜਾਂਚ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਤੋਂ ਇਲਾਈਜਾ ਟੈਸਟ ਦਾ 600 ਰੁਪਏ ਤੋਂ ਵੱਧ ਵਸੂਲ ਨਹੀ ਕੀਤਾ ਜਾ ਸਕਦਾ ਅਤੇ ਜੇਕਰ ਕੋਈ ਲੈਬ ਵਾਲਾ ਇਲਾਈਜਾ ਟੈਸਟ ਲਈ ਵਧ ਚਾਰਜ਼ ਕਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ 1897 ਤਹਿਤ ਨੋਟੀਫਾਈ ਕੀਤਾ ਗਿਆ ਹੈ।ਜਿਸ ਅਨੁਸਾਰ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ।ਪ੍ਰਾਈਵੇਟ ਹਸਪਤਾਲਾਂ ਵੱਲੋਂ ਰੋਜ਼ਾਨਾ ਨਿਰਧਾਰਿਤ ਪ੍ਰਫਾਰਮੇ ‘ਤੇ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ‘ਤੇ ਕਿਸੇ ਵੀ ਹਸਪਤਾਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਦੇ ਪ੍ਰਤੀਨਿਧੀ ਡਾ. ਰੰਜੀਵ ਕੁਮਾਰ, ਡਾ. ਪਰਮਜੀਤ ਸਿੰਘ ਮਾਹੀ, ਡਾ. ਵਰਿੰਦਰਪਾਲ ਸਿੰਘ, ਡਾ. ਅਨੁਭਵ ਗੁਪਤਾ, ਡਾ. ਨਿਤਿਨ ਧੀਰ, ਡਾ. ਸੁਨੈਨਾ, ਡਾ. ਆਰ.ਕੇ ਸ਼ਰਮਾ, ਡਾ. ਐਚ.ਡੀ ਸਿੰਘ, ਡਾ. ਵਿਲੀਅਮ, ਡਾ. ਅਨੁਪਮ ਤਿਆਗੀ, ਡਾ. ਰਾਹੁਲ ਗੋਇਲ, ਡਾ. ਕਰਮਜੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media