ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ (ਬੀ.ਆਰ.ਟੀ.ਐਸ) ਦੇ ਤਹਿਤ ਮੈਟਰੋ ਬੱਸ ਸੇਵਾ ਨੂੰ ਜਲਦ ਬਹਾਲ ਕੀਤਾ ਜਾਵੇ।17 ਅਗਸਤ ਨੂੰ ਹਵਾਈ ਅੱਡੇ ਤੋਂ ਦਰਬਾਰ ਸਾਹਿਬ ਨੇੜੇ ਘਿਓ ਮੰਡੀ ਚੌਕ ਤੱਕ ਧੂਮਧਾਮ ਸ਼ੁਰੂ ਕੀਤੀ ਇਹ ਸੇਵਾ ਪ੍ਰਾਈਵੇਟ ਮਿੰਨੀ-ਬੱਸ ਆਪਰੇਟਰਾਂ ਦੇ ਪ੍ਰਦਰਸ਼ਨ ਕਾਰਨ ਦੋ ਹਫਤਿਆਂ ਬਾਅਦ ਮੁਅੱਤਲ ਕਰ ਕੀਤੀ ਗਈ ਸੀ।
ਈਮੇਲ ਰਾਹੀਂ ਜਾਰੀ ਕੀਤੇ ਗਏ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਅਤੇ ਕੈਨੇਡਾ ਤੋਂ ਗੈਰ ਸਰਕਾਰੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਅਨੰਤ ਸਿੰਘ ਢਿੱਲੋਂ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਦਾ ਅੰਤਰਰਾਸ਼ਟਰੀ ਹਵਾਈ ਅੱਡਾ ਪਿਛਲੇ 2 ਦਹਾਕਿਆਂ ਤੋਂ ਬਹੁਤ ਸਾਰੀਆਂ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਨਾਲ ਜੁੜਿਆ ਹੋਣ ਦੇ ਬਾਵਜ਼ੂਦ ਇਥੋਂ ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰਨਾਂ ਸ਼ਹਿਰਾਂ ਅਤੇ ਨਾਲ ਲੱਗਦੇ ਸੂਬੇ ਜਿਵੇਂ ਕਿ ਜੰਮੂ ਤੇ ਹਿਮਾਚਲ ਆਦਿ ਨਾਲ ਸੰਪਰਕ ਲਈ ਕੋਈ ਵੀ ਜਨਤਕ ਬੱਸ ਸੇਵਾ ਉਪਲੱਬਧ ਨਹੀਂ ਹੈ।ਇਸ ਦੇ ਉਲਟ, ਪੰਜਾਬ ਟਰਾਂਸਪੋਰਟ ਵਿਭਾਗ ਪੰਜਾਬ ਦੇ ਕਈ ਸ਼ਹਿਰਾਂ ਤੋਂ ਦਿੱਲੀ ਲਈ ਪਨਬਸ ਅਤੇ ਪੀ.ਆਰ.ਟੀ.ਸੀ ਵੋਲਵੋ/ਮਰਸੀਡੀਜ਼ ਡੀਲਕਸ ਬੱਸ ਸੇਵਾ ਚਲਾਉਂਦਾ ਹੈ।
ਗੁਮਟਾਲਾ ਨੇ ਕਿਹਾ ਕਿ ਹਵਾਈ ਅੱਡੇ ਤੋਂ ਸ਼ਹਿਰ ਲਈ ਦਰਬਾਰ ਸਾਹਿਬ ਦੇ ਨਜ਼ਦੀਕ ਘਿਓ ਮੰਡੀ ਚੌਕ ਤੱਕ ਮੈਟਰੋ ਬੱਸ ਸੇਵਾ ਸ਼ੁਰੂ ਕੀਤੀ ਗਈ ਸੀ।ਏਅਰਪੋਰਟ ਤੋਂ ਘਿਓ ਮੰਡੀ ਤੱਕ ਦਾ ਇਹ ਰੂਟ ਪਹਿਲੇ ਦਿਨ ਤੋਂ ਹੀ ਸਫਲ ਰਿਹਾ, ਜਿਸ ਵਿੱਚ ਸਵਾਰੀਆਂ ਦੀ ਗਿਣਤੀ ਰੋਜ਼ਾਨਾ 1400 ਤੋਂ ਵੱਧ ਹੋ ਗਈ ਸੀ।ਜਦਕਿ ਲੰਮੇ ਸਮੇਂ ਤੋਂ ਬਹੁਤੇ ਮੈਟਰੋ ਬੱਸ ਰੂਟ ਵੱਖ-ਵੱਖ ਕਾਰਨਾਂ ਕਰਕੇ ਸਫਲ ਨਹੀਂ ਹੋ ਰਹੇ ਹਨ।
ਮੰਚ ਦੇ ਵਿਦੇਸ਼ ਸਕੱਤਰ ਢਿੱਲੋਂ ਨੇ ਕਿਹਾ, “ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸ਼ਿੰਘ ਔਜਲਾ, ਮੇਅਰ ਅਤੇ ਸੱਤਾਧਾਰੀ ਪਾਰਟੀ ਦੇ ਕਈ ਨੇਤਾ ਉਦਘਾਟਨ ਲਈ ਆਏ ਅਤੇ ਆਪਣੀਆਂ ਤਸਵੀਰਾਂ ਖਿਚਵਾਈਆਂ। ਪਰ ਫਿਰ 15 ਦਿਨਾਂ ਬਾਅਦ, ਮਿੰਨੀ ਬੱਸ ਆਪਰੇਟਰਾਂ ਦੇ ਦਬਾਅ ਅੱਗੇ ਝੁਕਦਿਆਂ ਇਹ ਸੇਵਾ ਮੁਅੱਤਲ ਕਰ ਦਿੱਤੀ ਗਈ। ਪਰ ਹੁਣ ਇਸ ਮੈਟਰੋ ਬੱਸ ਸੇਵਾ ਨੂੰ ਦੁਬਾਰਾ ਸ਼ੁਰੂ ਕਰਨ ਬਾਰੇ ਪ੍ਰਸ਼ਾਸਨ ਵਲੋਂ ਕੋਈ ਵੀ ਸਮਾਂ ਸਮਾਂ-ਸੀਮਾ ਨਹੀਂ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੰਚ ਦੇ ਸਰਪ੍ਰਸਤ ਕੁਲਵੰਤ ਸਿੰਘ ਅਣਖੀ ਅਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜ ਦੇ ਟਰਾਂਸਪੋਰਟ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਇਸ ਮਹੱਤਵਪੂਰਨ ਮਾਮਲੇ ਵਿੱਚ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਸੀ ਅਤੇ ਇਸ ਬੱਸ ਸੇਵਾ ਨੂੰ ਮੁੜ ਸ਼ੁਰੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਲਈ ਕਿਹਾ ਸੀ ਤਾਂ ਜੋ ਹਜ਼ਾਰਾਂ ਯਾਤਰੀਆਂ ਅਤੇ ਵਸਨੀਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਮੰਚ ਦੇ ਵਫਦ ਨੇ ਇਸ ਸੰਬੰਧੀ ਵਿਸ਼ੇਸ਼ ਤੌਰ ‘ਤੇ ਕਾਰਪੋਰੇਸ਼ਨ ਦੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਨਾਲ ਮੁਲਾਕਾਤ ਕੀਤੀ ਸੀ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …