ਲੋਕ ਹਿੱਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਹਦਾਇਤ
ਨਵਾਂਸ਼ਹਿਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੰਗਲਾਤ ਤੇ ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜ਼ੀਆ ਨੇ ਅਧਿਕਾਰੀਆਂ ਨੂੰ ਵਿਕਾਸ
ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਅਤੇ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ ਸ਼੍ਰੀਮਤੀ ਕੰਵਰਦੀਪ ਕੌਰ, ਵਿਧਾਇਕ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਦੀ ਮੌਜ਼ੂਦਗੀ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗਿਲਜ਼ੀਆਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਵਿਕਾਸ ਕਾਰਜ਼ਾਂ ਅਤੇ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿਨ-ਰਾਤ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵਲੋਂ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ।ਜਿਸ ’ਤੇ ਗਿਲਜ਼ੀਆ ਵਲੋਂ ਇਨ੍ਹਾਂ ਸਮੱਸਿਆਵਾਂ ਦੇ ਫੌਰਨ ਨਿਪਟਾਰੇ ਦੀ ਹਦਾਇਤ ਕੀਤੀ ਗਈ।ਉਨ੍ਹਾਂ ਝੋਨੇ ਦੀ ਖਰੀਦ, 5-5 ਮਰਲੇ ਦੇ ਪਲਾਟ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਇਆਂ ਦੀ ਮੁਆਫ਼ੀ, ਸਮਾਰਟ ਵਿਲੇਜ਼ ਮੁਹਿੰਮ, ਸ਼ਹਿਰੀ ਵਿਕਾਸ, ਪੰਜਾਬ ਨਿਰਮਾਣ ਪ੍ਰੋਗਰਾਮ, ਅਮਨ ਤੇ ਕਾਨੂੰਨ, ਕੰਡੀ ਖੇਤਰ ਦੇ ਵਿਕਾਸ ਫੰਡ, ਮਾਈਨਿੰਗ, ਮਗਨਰੇਗਾ, ਡੇਂਗੂ ਦੇ ਕੇਸਾਂ, ਆਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, ਨੀਲੇ ਕਾਰਡ ਅਤੇ ਕਰਜ਼ਾ ਰਾਹਤ ਆਦਿ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਉਸਾਰੀ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਲਾਭ ਦੇਣ ਦੀ ਸਖ਼ਤ ਹਦਾਇਤ ਕੀਤੀ।ਉਨ੍ਹਾਂ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜਨਾਂ ਵਿੱਚ ਇੱਕ-ਇੱਕ ਹੈਕਟੇਅਰ ਵਿੱਚ ਪਾਰਕ ਬਣਾਉਣ ਲਈ ਕਾਰਵਾਈ ਆਰੰਭੀ ਜਾਵੇ।ਉਨ੍ਹਾਂ ਕਿਹਾ ਕਿ ਉਹ 15 ਦਿਨਾਂ ਬਾਅਦ ਦੁਬਾਰਾ ਮੀਟਿੰਗ ਕਰਨਗੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ’ਤੇ ਉਨ੍ਹਾਂ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ।
ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਚੌਧਰੀ ਮੋਹਨ ਲਾਲ ਬੰਗਾ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਹਰਮੇਸ਼ ਕੌਰ, ਨਗਰ ਕੌਸਲ ਪ੍ਰਧਾਨ ਸਚਿਨ ਦੀਵਾਨ, ਚੇਅਰਮੈਨ ਮਾਰਕੀਟ ਕਮੇਟੀ ਚਮਨ ਸਿੰਘ ਭਾਨ ਮਜ਼ਾਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਵਿਰਾਜ ਤਿੜਕੇ, ਜਗਦੀਸ਼ ਸਿੰਘ ਜੋਹਲ ਤੇ ਦੀਪਕ ਰੁਹੇਲਾ, ਐਸ.ਪੀ ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media