Friday, November 22, 2024

ਭਾਰਤ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਕਿਸਾਨੀ ਮਸਲਾ ਹੱਲ ਕਰੇ- ਬੀਬੀ ਜਗੀਰ ਕੌਰ

ਕਿਹਾ, ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਮੋੜਨਾ ਮੰਦਭਾਗਾ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਵਾਪਸ ਮੋੜਨ ’ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਇਸ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਭਾਰਤ ਆਉਣ ਸਮੇਂ ਦਰਸ਼ਨ ਸਿੰਘ ਧਾਲੀਵਾਲ ਨੂੰ ਬਿਨਾ ਕਾਰਨ ਹਵਾਈ ਅੱਡੇ ਤੋਂ ਵਾਪਸ ਮੋੜਿਆ ਗਿਆ ਹੈ।ਇਹ ਸਿੱਖਾਂ ਨਾਲ ਵੱਡਾ ਵਿਤਕਰਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਦਰਸ਼ਨ ਸਿੰਘ ਰੱਖੜਾ ਨੂੰ ਕਿਸਾਨ ਸੰਘਰਸ਼ ਨਾਲ ਜੋੜ ਕੇ ਵਾਪਸ ਮੋੜਿਆ ਗਿਆ ਹੈ।ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਨੂੰ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ਼ ਆਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਜਿਹੇ ਕੋਝੇ ਹੱਥਕੰਡਿਆਂ ਤੋਂ ਨਾ ਰੁਕੀ ਤਾਂ ਇਸ ਨਾਲ ਹਾਲਾਤ ਖਰਾਬ ਹੋਣ ਵੱਲ ਵਧਣਗੇ। ਸਰਕਾਰ ਨੂੰ ਕਿਸਾਨੀ ਸੰਘਰਸ਼ ਨਾਲ ਹਮਦਰਦੀ ਰੱਖਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ, ਸਗੋਂ ਕਿਸਾਨ ਮਸਲੇ ਦਾ ਹੱਲ ਕਰਨ ਵੱਲ ਵਧਣਾ ਚਾਹੀਦਾ ਹੈ।
                   ਬੀਬੀ ਜਗੀਰ ਕੌਰ ਨੇ ਕਿਹਾ ਕਿ ਦਰਸ਼ਨ ਸਿੰਘ ਵੱਲੋਂ ਕਿਸਾਨੀ ਹਮਾਇਤ ’ਤੇ ਲੰਮੇ ਸਮੇਂ ਲੰਗਰ ਲਗਾਏ ਗਏ ਹਨ, ਜੋ ਸਿੱਖ ਧਰਮ ਦਾ ਵਿਧਾਨ ਹੈ ਅਤੇ ਅਜਿਹੇ ਭਲਾਈ ਕਾਰਜਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਣਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਰਸ਼ਨ ਸਿੰਘ ਧਾਲੀਵਾਲ ਨਾਲ ਕੀਤੇ ਗਏ ਸਰਕਾਰ ਵਿਤਕਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …