ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਸਵਾਗਤ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ, ਜਿਸ ਤਹਿਤ ਅੱਜ ਗਵਾਲੀਅਰ ਤੋਂ ਪੁੱਜੇ ਨਗਰ ਕੀਰਤਨ ਦਾ ਇਥੇ ਭਰਵਾਂ ਸਵਾਗਤ ਕੀਤਾ ਗਿਆ।ਬੰਦੀ ਛੋੜ ਦਿਹਾੜੇ ਦੇ 400 ਸਾਲਾ ਨੂੰ ਸਮਰਪਿਤ ਇਹ ਨਗਰ ਕੀਰਤਨ 27 ਅਕਤੂਬਰ ਨੂੰ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਆਰੰਭ ਹੋਇਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਪੰਨ ਹੋਇਆ।ਨਗਰ ਕੀਰਤਨ ਦਾ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਣ ’ਤੇ ਬਾਈਪਾਸ ਸਥਿਤ ਗੋਲਡਨ ਗੇਟ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ।ਨਗਰ ਕੀਰਤਨ ਨਾਲ ਪੁੱਜੇ ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵੀ ਬੀਬੀ ਜਗੀਰ ਕੌਰ ਨੇ ਸਿਰੋਪਾਓ ਭੇਟ ਕੀਤੇ।
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਵਿਸ਼ਾਲ ਲੰਗਰ ਲਗਾਇਆ ਗਿਆ ਅਤੇ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਪੁੱਜਣ ’ਤੇ ਵੀ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਹੋਇਆ।ਬੀਬੀ ਜਗੀਰ ਕੌਰ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਦਾ ਬੰਦੀ ਛੋੜ ਦਿਹਾੜਾ ਸਿੱਖ ਇਤਿਹਾਸ ਵਿਚ ਵੱਡਾ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ।ਉਨ੍ਹਾਂ ਦੱਸਿਆ ਕਿ ਭਲਕੇ ਬੰਦ ਛੋੜ ਦਿਵਸ ਮੌਕੇ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਦੇਣਗੇ।ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਸਮੁੱਚੀ ਕੌਮ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਇਕਜੁਟ ਹੋ ਕੇ ਯਤਨ ਕਰਨ ਦਾ ਦ੍ਰਿੜ੍ਹ ਸੰਕਲਪ ਕਰਨਾ ਚਾਹੀਦਾ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਚਾਹੀਦਾ ਹੈ।
ਨਗਰ ਕੀਰਤਨ ਦੇ ਸਵਾਗਤ ਸਮੇਂ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਡੋਗਰਾਂਵਾਲਾ, ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।