Wednesday, July 24, 2024

ਛੇਵੇਂ ਪਾਤਸ਼ਾਹ ਨੇ ਮਨੁੱਖ ਦੇ ਬੁਨਿਆਦੀ ਹੱਕਾਂ ਦੀ ਰਖਵਾਲੀ ਦਾ ਦਿੱਤਾ ਸੁਨੇਹਾ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੇ ਖਾਲਸਾ ਪੰਥ ਨੂੰ ਇਕਜੁਟ ਹੋ ਕੇ ਗੁਰਬਾਣੀ, ਗੁਰ-ਇਤਿਹਾਸ ਅਤੇ ਗੁਰਮਤਿ ਰਹਿਣੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਕੌਮ ਦੇ ਨਿਰਾਲੇ ਇਤਿਹਾਸ ਦੀ ਵਿਲੱਖਣ ਗਾਥਾ ਹੈ, ਇਸ ਨੇ ਮਨੁੱਖੀ ਅਜ਼ਾਦੀ ਦੇ ਨਾਲ-ਨਾਲ ਹੱਕ, ਸੱਚ ਅਤੇ ਇਨਸਾਫ ਲਈ ਮਿਸਾਲੀ ਉਦਾਹਰਣ ਪੇਸ਼ ਕੀਤੀ।ਛੇਵੇਂ ਪਾਤਸ਼ਾਹ ਨੇ 52 ਰਾਜਿਆਂ ਨੂੰ ਗਵਾਲੀਅਰ ਦੀ ਕੈਦ ਵਿੱਚੋਂ ਰਿਹਾਅ ਕਰਵਾ ਕੇ ਮਨੁੱਖ ਦੇ ਬੁਨਿਆਦੀ ਹੱਕਾਂ ਦੀ ਰਖਵਾਲੀ ਦਾ ਸੁਨੇਹਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਰਾਹ ਦਿਖਾਇਆ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸਮੇਂ ਦੀਆਂ ਹਕੂਮਤਾਂ ਨੇ ਸਦਾ ਹੀ ਸਿੱਖ ਕੌਮ ਨੂੰ ਦਬਾਉਣ ਦਾ ਯਤਨ ਕੀਤਾ।ਅੱਜ ਵੀ ਇਹ ਵਰਤਾਰਾ ਬੰਦ ਨਹੀਂ ਹੋਇਆ।ਉਨ੍ਹਾਂ ਕਿਹਾ ਕਿ 18ਵੀਂ ਸਦੀ ਵਿਚ ਸਿੱਖ ਪੰਥ ਅੰਮ੍ਰਿਤਸਰ ਵਿਖੇ ਇਕੱਠਾ ਹੋ ਕੇ ਕੌਮ ਲੇਖਾ-ਜੋਖਾ ਕਰਦਿਆਂ ਭਵਿੱਖਮੁਖੀ ਤਰਜ਼ੀਹਾਂ ਨਿਰਧਾਰਤ ਕਰਨ ਲਈ ਵਿਉਂਤਾਂ ਉਲੀਕਿਆ ਕਰਦਾ ਹੈ, ਜੋ ਹਕੂਮਤ ਦੇ ਸਖਤੀ ਭਰੇ ਦੌਰ ਵਿਚ ਵੀ ਸਿੱਖ ਪੰਥ ਨੂੰ ਚੜ੍ਹਦੀ ਕਲਾ, ਹਿੰਮਤ, ਅਣਖ, ਦਲੇ੍ਰੀ ਅਤੇ ਚੇਤਨਤਾ ਨਾਲ ਜੋੜਦਾ ਰਿਹਾ।ਉਨ੍ਹਾਂ ਕਿਹਾ ਕਿ ਅੱਜ ਵੀ ਕੌਮ ਨੂੰ ਇਕੱਠੇ ਹੋ ਕੇ ਸਿਰਜੋੜ ਬੈਠਣ ਦੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ।ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੇ ਕੌਮ ਅੰਦਰ ਇਕਜੁਟਤਾ ਅਤੇ ਕੌਮੀ ਜ਼ਜਬਾ ਹੋਰ ਤਿੱਖਾ ਕਰ ਦਿੱਤਾ। ਉਨ੍ਹਾਂ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …