ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 30 ਨਵੰਬਰ ਤੱਕ ਭਰੇ ਜਾਣਗੇ ਫਾਰਮ- ਵਿਸ਼ੇਸ਼ ਸਾਰੰਗਲ
ਨਵਾਂਸ਼ਹਿਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਲਈ ਬੀਤੇ ਕੱਲ੍ਹ ਅਤੇ ਅੱਜ ਬੂਥ ਪੱਧਰ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਵੱਲੋਂ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੂਥ ਨੰਬਰ 109 ਤੇ 110, ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਵਿਖੇ ਬੂਥ ਨੰਬਰ 61 ਤੇ 62 ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਲੋਹ ਵਿਖੇ ਬੂਥ ਨੰਬਰ 89 ਤੇ 92 ਦੀ ਚੈਕਿੰਗ ਕੀਤੀ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਤਹਿਤ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਵਿਚ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਕਿਸੇ ਕਾਰਨ ਮਿਤੀ 6 ਅਤੇ 7 ਨਵੰਬਰ 2021 ਨੂੰ ਲਗਾਏ ਗਏ ਸਪੈਸ਼ਲ ਕੈਂਪਾਂ ਵਿਚ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ, ਉਹ 20 ਨਵੰਬਰ (ਸਨਿੱਚਰਵਾਰ) ਅਤੇ 21 ਨਵੰਬਰ (ਐਤਵਾਰ) ਨੂੰ ਅਗਲੇ ਆਉਣ ਵਾਲੇ ਵਿਸ਼ੇਸ਼ ਕੈਂਪਾਂ ਮੌਕੇ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓ ਨੂੰ ਨਵੀਂ ਵੋਟ ਬਣਾਉਣ, ਵੇਰਵਿਆਂ ਵਿਚ ਸੋਧ ਕਰਵਾਉਣ ਅਤੇ ਵੋਟ ਕਟਵਾਉਣ ਆਦਿ ਲਈ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ 1 ਨਵੰਬਰ ਤੋਂ 30 ਨਵੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ 1 ਜਨਵਰੀ 2022 ਨੂੰ 18 ਸਾਲ ਪੂਰੀ ਕਰਦਾ ਕੋਈ ਵੀ ਵਿਅਕਤੀ ਆਪਣੀ ਵੋਟ ਬਣਵਾ ਸਕਦਾ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜਿਥੇ ਵੋਟ ਬਣਾਉਣੀ ਜ਼ਰੂਰੀ ਹੈ, ਉਥੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨਾ ਵੀ ਬੇਹੱਦ ਜ਼ਰੂਰੀ ਹੈ।