Wednesday, September 16, 2026

ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਸਮੇਂ ਸਿਰ ਲਗਵਾਉਣ `ਤੇ ਹੀ ਬਣੇਗੀ ਇਮਿਊਨਿਟੀ – ਡਾ. ਗੁਪਤਾ 

ਲੋਕ ਦੂਜੀ ਡੋਜ ਦੀ ਅਹਿਮੀਅਤ ਨੂੰ ਸਮਝਣ – ਸਿਵਲ ਸਰਜਨ

ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।
              ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਬਲਾਕ ਐਲ.ਐਚ.ਵੀ ਨਾਲ ਆਯੋਜਿਤ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਕੇ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾ ਸਕਦਾ ਹੈ।ਜਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਦੂਜੀ ਡੋਜ਼ ਡਿਊ ਹੈ, ਪਰ ਉਹ ਵੈਟਸੀਨੇਸ਼ਨ ਲਈ ਅੱਗੇ ਨਹੀਂ ਆ ਰਹੇ ਹਨ।ਇਸ ਲਈ ਫੀਲਡ ਸਟਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ ਈ ਸੀ ਗਤੀਵਿਧੀਆਂ ਕਰਨੀਆਂ ਯਕੀਨੀ ਬਣਾਵੇ।
                  ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਇਸ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਕਿ ਜੇਕਰ ਕੋਈ ਵਿਅਕਤੀ ਦੂਜੀ ਡੋਜ਼ “ਮਿਸ” ਕਰਦਾ ਹੈ ਤਾਂ ਉਸ ਲਈ ਕੋਵਿਡ-19 ਸੰਕ੍ਰਮਿਤ ਹੋਣ ਦਾ ਖ਼ਤਰਾ ਵਧ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪਹਿਲੀ ਡੋਜ਼ ਨਾਲ ਸਾਨੂੰ ਕੋਵਿਡ-19 ਸੰਕ੍ਰਮਣ ਤੋਂ 50 ਫੀਸਦੀ ਤੋਂ ਵੱਧ ਸੁਰੱਖਿਆ ਮਿਲਦੀ ਹੈ, ਜਦੋਂਕਿ ਦੂਜੀ ਡੋਜ਼ ਨਾਲ ਇਹ ਸੁਰੱਖਿਆ ਵਧ ਕੇ ਤਕਰੀਬਨ 90 ਫੀਸਦੀ ਤੱਕ ਪਹੁੰਚ ਜਾਂਦੀ ਹੈ, ਪਰ ਜੇਕਰ ਅਸੀਂ ਦੂਜੀ ਡੋਜ਼ ਨਿਰਧਾਰਿਤ ਸਮੇਂ `ਤੇ ਨਹੀਂ ਲੈਂਦੇ ਹਾਂ ਤਾਂ ਇਸ ਨਾਲ ਸੰਪੂਰਨ ਇਮਿਊਨਿਟੀ ਬਣਨ ਵਿੱਚ ਰੁਕਾਵਟ ਖੜ੍ਹੀ ਹੋ ਸਕਦੀ ਹੈ।
             ਡਾ. ਗੁਪਤਾ ਨੇ ਕਿਹਾ ਕਿ ਜਿਲ੍ਹੇ ‘ਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਾਉਣੀ ਬਹੁਤ ਜਰੂਰੀ ਹੈ ਤਾਂ ਜੋ ਲੋਕਾਂ ਵਿਚ ਬਿਮਾਰੀ ਨਾਲ ਲੜਨ ਦੀ ਪੂਰੀ ਸ਼ਕਤੀ ਪੈਦਾ ਕੀਤੀ ਜਾ ਸਕੇ।
                 ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਪੂਰੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਟੀਕੇ ਦੀ ਦੂਜੀ ਡੋਜ ਸਮੇਂ ਸਿਰ ਲਗਾਉਣੀ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਕੋਵੀਸ਼ੀਲਡ ਵੈਕਸ਼ੀਨ ਦੀ ਦੂਜੀ ਡੋਜ 84 ਦਿਨ ਬਾਅਦ ਅਤੇ ਕੋਵੈਕਸੀਨ ਦੀ ਦੂਜੀ ਡੋਜ਼ 28 ਦਿਨ ਬਾਅਦ ਲਗਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਜਿਨ੍ਹਾਂ ਦੇ ਪਹਿਲਾ ਟੀਕਾ ਲੱਗਾ ਹੈ, ਉਹ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿਚ ਦੂਜਾ ਟੀਕਾ ਜ਼ਰੂਰ ਲਗਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਗਤ ਰਾਮ, ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਮਨਿੰਦਰ ਸਿੰਘ, ਨਿਰਮਲ ਸਿੰਘ, ਹਰਕਿਰਤ ਸਿੰਘ, ਹਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …