Sunday, April 26, 2026

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਡਾ. ਗੀਤਾਂਜਲੀ ਸਿੰਘ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਕੀਤੀ ਮੁਫਤ ਏ.ਐਨ.ਸੀ ਜਾਂਚ
ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜ਼ਲੀ ਸਿੰਘ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਅੱਜ ਗਰਭਵਤੀ ਔਰਤਾਂ ਦੀ ਮੁਫਤ ਏ.ਐਨ.ਸੀ ਜਾਂਚ ਕੀਤੀ ਗਈ।
             ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਸਿਹਤ ਬਲਾਕ ਮੁਜ਼ੱਫਰਪੁਰ ‘ਚ 35 ਤੋਂ ਵੱਧ ਗਰਭਵਤੀ ਔਰਤਾਂ ਦੀ ਜਾਂਚ ਕਰਨ ਤੋਂ ਬਾਅਦ ਆਇਰਨ ਦੀਆਂ ਗੋਲੀਆਂ ਦੇ ਕੇ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀ ਕੀਤੀ ਗਈ।
               ਐਸ.ਐਮ.ਓ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਇਹ ਅਭਿਆਨ ਦੇਸ਼ ਭਰ ਅੰਦਰ 9 ਜੂਨ 2016 ਨੂੰ ਸ਼ੁਰੂ ਕੀਤਾ ਗਿਆ ਸੀ।
               ਡਾ. ਸਿੰਘ ਨੇ ਬਲਾਕ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਹਸਪਤਾਲ ਰਾਹੋਂ, ਮਿੰਨੀ ਪੀ.ਐਚ.ਸੀ ਜਾਡਲਾ ਅਤੇ ਮਿੰਨੀ ਪੀ.ਐਚ.ਸੀ ਭਾਰਟਾ ਖੁਰਦ ਵਿਖੇ ਪਹੁੰਚ ਕੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਹਿਫਾਜ਼ਤ ਅਤੇ ਸਲਾਮਤੀ ਲਈ ਗਰਭਵਤੀ ਔਰਤਾਂ ਨੂੰ ਜਾਗਰੂਕ ਕਰਦੇ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਕਦੇ ਵੀ ਗੈਰ-ਸਿਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।ਹਰੇਕ ਜਣੇਪੇ ਸਮੇਂ ਇਕ ਸਿੱਖਿਅਤ ਹੈਲਥ ਕੇਅਰ ਵਰਕਰ ਦਾ ਮੌਜ਼ੂਦ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਉਹ ਇਕ ਪ੍ਰਭਾਵਸ਼ਾਲੀ ਰੈਫਰਲ ਪ੍ਰਣਾਲੀ ਰਾਹੀਂ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ।
ਇਸ ਮੌਕੇ ਡਾ. ਗੁਰਪਿੰਦਰ ਕੌਰ ਨੇ ਅਨੇਕਾਂ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਜ਼ਰੂਰੀ ਜਾਂਚ ਕਰਨ ਦੇ ਨਾਲ-ਨਾਲ ਕੌਂਸਲਿੰਗ ਕੀਤੀ ਅਤੇ ਲੋੜ ਅਨੁਸਾਰ ਮੁਫ਼ਤ ਟੈਸਟ ਵੀ ਕਰਵਾਏ।ਉਨ੍ਹਾਂ ਨੇ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਗਰਭਵਤੀ ਔਰਤਾਂ ਦੀ 3 ਮਹੀਨੇ ਤੋਂ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਗਰਭਵਤੀ ਔਰਤਾਂ ਦੇ ਖ਼ੂਨ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਆਦਿ ਸਾਰੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਏ.ਐਨ.ਐਮ ਹਰਜਿੰਦਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …