ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਜ਼ਬੂਤ ਫਰੰਟ ਬਣਾਇਆ ਜਾਵੇਗਾ।ਪਰ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵਲੋਂ ਨੇਆਪਣੇ ਨਜ਼ਦੀਕੀ ਰਿਸ਼ਤੇਦਾਰ ਤੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਖਰੌੜ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਢੀਂਡਸਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨਾਂ ਦੀ ਚੋਣ ਸਮਝੌਤਾ ਹੋਣ ਬਾਰੇ ਕੋਈ ਗੱਲ ਨਹੀਂ ਹੋਈ ਅਤੇ ਕੈਪਟਨ ਖੁਦ ਵੀ ਅਜਿਹਾ ਕਹਿ ਚੁੱਕੇ ਹਨ।ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਢੀਂਡਸਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਵਿੱਚ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਹੁੰਦਿਆਂ ਕੁੱਝ ਨਹੀਂ ਕੀਤਾ ਗਿਆ।ਹੁਣ ਪਿਛਲੇ 50 ਦਿਨਾਂ ਤੋਂ ਮੁੱਖ ਮੰਤਰੀ ਬਣੇ ਹੋਏ ਚਰਨਜੀਤ ਸਿੰਘ ਚੰਨੀ ਵਲੋਂ ਵੀ ਬਿਆਨਬਾਜ਼ੀ ਤੋਂ ਸਿਵਾਏ ਕੁੱਝ ਨਹੀਂ ਕੀਤਾ ਜਾ ਰਿਹਾ।ਸਰਕਾਰ ਵੱਲੋਂ ਕੀਤੇ ਨਾਕਾਮ ਖ਼ਰੀਦ ਪ੍ਰਬੰਧਾਂ ਕਰਕੇ ਜਿਥੇ ਕਿਸਾਨ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ, ਉਥੇ ਹੀ ਕਣਕ ਦੀ ਬਿਜਾਈ ਲਈ ਡੀ.ਏ.ਪੀ ਖਾਦ ਦੀ ਭਾਰੀ ਕਿੱਲਤ ਦੇ ਚੱਲਦਿਆਂ ਖੱਜ਼ਲ ਖੁਆਰ ਹੋ ਰਹੇ ਹਨ।ਚੰਨੀ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ‘ਚ ਵੀ ਨਾਕਾਮ ਹੋਈ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਹੀ ਇੱਕ ਅਜਿਹੀ ਪਾਰਟੀ ਹੈ ਜੋ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੇ ਨਾਲ ਸ਼ੁਰੂ ਤੋਂ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦਾ ਮੁੱਖ ਨਿਸ਼ਾਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।ਪਾਰਟੀ ਦੇ ਆਗੂ ਅਤੇ ਵਰਕਰ ਆਪੋ ਆਪਣੇ ਖੇਤਰਾਂ ਵਿੱਚ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ, ਪਰ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਉਹ ਕੋਈ ਵੀ ਵੱਡਾ ਪ੍ਰੋਗਰਾਮ ਜਾਂ ਰੈਲੀ ਨਹੀਂ ਕਰ ਰਹੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਪਿੱਛੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਦਾ ਵੀ ਵੱਡਾ ਹੱਥ ਹੈ, ਭਾਵੇਂ ਕਿ ਹੁਣ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚੱਲਦਿਆਂ ਦੋਵੇਂ ਪਾਰਟੀਆਂ ਖੇਤੀ ਕਾਨੂੰਨਾਂ ਦੇ ਵਿਰੋਧੀ ਹੋਣ ਦਾ ਦਿਖਾਵਾ ਕਰ ਰਹੀਆਂ ਹਨ
ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਕੱਤਰ ਗੁਰਸੰਤ ਸਿੰਘ ਭੁਟਾਲ, ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਧਰਮਜੀਤ ਸਿੰਘ ਸੰਗਤਪੁਰਾ, ਜਥੇਦਾਰ ਪ੍ਰਗਟ ਸਿੰਘ ਗਾਗਾ, ਕੌਮੀ ਮੀਤ ਪ੍ਰਧਾਨ ਅਜੇ ਕੁਮਾਰ ਠੋਲੀ, ਸਰਕਲ ਪ੍ਰਧਾਨ ਸੁਰਜੀਤ ਸਿੰਘ ਲਹਿਲ ਖੁਰਦ, ਸੁਰੇਸ਼ ਕੁਮਾਰ ਪਾਲਾ, ਅਸ਼ਵਨੀ ਸ਼ਰਮਾ, ਛੱਜੂ ਸਿੰਘ ਧਾਲੀਵਾਲ ਆਦਿ ਵੀ ਹਾਜ਼ਰ ਸਨ ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media