ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ।ਉਨ੍ਹਾਂ ਕਿਹਾ ਕਿ ਹੁਣ ਤਾਂ ਜਨਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁਲ੍ਹ ਚੁੱਕੀਆਂ ਹਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ, ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨਾ ਸ਼ੱਕ ਕਰ ਦਿੱਤੀ ਗਈ ਹੈ, ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੂੰ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media