ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਨਵਾਂਸ਼ਹਿਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿੱਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ
ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨੇ ਯਕੀਨੀ ਬਣਾਏ ਜਾਣਗੇ।ਜ਼ਿਲ੍ਹੇ ਵਿਚ ਜਲਦ ਹੀ ਓਲਡ ਏਜ਼ ਹੋਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਲਈ ਭੱਦੀ ਰੋਡ ਵਿਖੇ ਜਗ੍ਹਾ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਬੱਜਟ ਤਜਵੀਜ਼ ਸਮਾਜਿਕ ਸੁਰੱਖਿਆ ਵਿਭਾਗ ਨੂੰ ਭੇਜ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਹੂਲਤ ਲਈ ਤਿੰਨ ਮਹੀਨੇ ਵਿਚ ਇਕ ਵਾਰ ਪੁਰਾਣੇ ਸਿਵਲ ਹਸਪਤਾਲ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਜਾਵੇਗਾ।
ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮੂਹ ਐਸ.ਡੀ.ਐਮ ਕੋਲੋਂ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਸਬੰਧੀ ਬਕਾਇਦਾ ਤੌਰ ’ਤੇ ਰਿਪੋਰਟਾਂ ਹਾਸਲ ਕੀਤੀਆਂ ਜਾਣ, ਤਾਂ ਜੋ ਉਨ੍ਹਾਂ ਦਾ ਫੌਰਨ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।ਸਿਹਤ ਵਿਭਾਗ ਨੂੰ ਵੀ ਹਸਪਤਾਲਾਂ ਵਿਚ ਜਾਂਚ ਕਰਵਾਉਣ ਲਈ ਆਉਂਦੇ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਨਲਾਈਨ ਧੋਖਾਧੜੀ ਪ੍ਰਤੀ ਸੁਚੇਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ, ਜਿਨ੍ਹਾਂ ਵਿਚ ਉਨ੍ਹਾਂ ਨੂੰ ਪੈਸੇ ਦੇ ਸੁਰੱਖਿਅਤ ਆਨਲਾਈਨ ਲੈਣ-ਦੇਣ ਸਬੰਧੀ ਜਾਗਰੂਕ ਕੀਤਾ ਜਾਵੇ।ਇਸੇ ਦੌਰਾਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਆਪਣੀਆਂ ਮੀਟਿੰਗਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਈ ਪੱਕੀ ਜਗ੍ਹਾ ਅਲਾਟ ਕਰਨ ਦੀ ਮੰਗ ਕੀਤੀ, ਜਿਸ ’ਤੇ ਵਧੀਕ ਡਿਪਟੀ ਕਮਿਸ਼ਨਰ ਨੇ ਇਸ ’ਤੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪ ਏਜ ਇੰਡੀਆ ਤਹਿਤ ਹੈਲਪ ਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕੋਈ ਵੀ ਬਜ਼ੁਰਗ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਬਜ਼ੁੱਰਗ ਨਾਗਰਿਕਾਂ ਦੀ ਭਲਾਈ ਲਈ ਲਾਗੂ ਕੀਤੇ ਗਏ ‘ਦੀ ਮੇਂਟੀਨੈਂਸ ਐਂਡ ਵੈਲਫੇਅਰ ਪੈਰੇਂਟਸ ਅਤੇ ਸੀਨੀਅਰ ਸਿਟੀਜ਼ਿਨ ਐਕਟ, 2007’ ਤਹਿਤ ਬਜ਼ੁੱਰਗ ਨਾਗਰਿਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ।
ਇਸ ਮੌਕੇ ਸਹਾਇਕ ਜ਼ਿਲ੍ਹਾ ਅਟਾਰਨੀ ਬਲਵਿੰਦਰ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੇ.ਡੀ ਵਰਮਾ, ਜਨਰਲ ਸਕੱਤਰ ਐਸ.ਕੇ ਬਰੁੱਟਾ, ਸਕੱਤਰ ਐਸ.ਕੇ ਪੁਰੀ, ਡਾ. ਰਾਕੇਸ਼ ਅਰੋੜਾ ਆਦਿ ਹਾਜ਼ਰ ਸਨ।
Punjab Post Daily Online Newspaper & Print Media