ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ
ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਸ੍ਰ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਧਰਮਵੀਰ ਸਿੰਘ ਦੇ ਰਾਗੀ ਜਥੇ ਵਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਣ ਗੁਰਨਾਮ ਸਿੰਘ, ਗੁਰਚਰਨ ਸਿੰਘ ਕੋਹਾਲਾ, ਲਖਬੀਰ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
Punjab Post Daily Online Newspaper & Print Media