ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਪੰਜ ਮੈਂਬਰੀ ਜਥਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਨਤਮਸਤਕ ਹੋਇਆ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ 101 ਸ਼ਰਧਾਲੂਆਂ ਦੇ ਜਥੇ ਲਈ ਪ੍ਰਵਾਨਗੀ ਮੰਗੀ ਸੀ, ਜਿਸ ਵਿਚੋਂ ਕੱਲ 20 ਮੈਂਬਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਮਿਲੀ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ 17 ਮੈਂਬਰੀ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਗਿਆ ਸੀ। ਪ੍ਰਵਾਨਗੀ ਲੇਟ ਮਿਲਣ ਕਰਕੇ ਕੱਲ ਤਿੰਨ ਮੈਂਬਰ ਨਹੀਂ ਜਾ ਸਕੇ ਸਨ।ਸਰਕਾਰੀ ਅਧਿਕਾਰੀਆਂ ਵੱਲੋਂ ਅੱਜ ਬਾਕੀ 101 ਮੈਬਰਾਂ ਵਿਚੋਂ 13 ਸ਼ਰਧਾਲੂਆਂ ਨੂੰ ਪ੍ਰਵਾਨਗੀ ਦਿੱਤੀ ਗਈ ਜਿਸ ਦੀ ਜਾਣਕਾਰੀ ਦੇਰ ਨਾਲ ਮਿਲਣ ਕਰਕੇ ਅੱਜ ਵੀ ਕੇਵਲ 5 ਮੈਂਬਰ ਹੀ ਦਰਸ਼ਨਾਂ ਲਈ ਜਾ ਸਕੇ। ਅੱਜ ਗਏ ਜਥੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਗੁਰਦੁਆਰਾ ਯਾਦਗਾਰ ਸ਼ਹੀਦਾਂ, ਅਗਵਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਅਗਵਾਨ ਸ਼ਾਮਲ ਸਨ।
Check Also
ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …