ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼
ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿਚ ਸੰਬੰਧਿਤ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਵਡਮੁੱਲਾ ਗਿਆਨ ਦੇਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਭਾਈ ਗੁਰਅਵਤਾਰ ਸਿੰਘ ਅਤੇ ਭਾਈ ਰਵਿਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ।ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਵਿਦਿਆਰਥੀਆਂ ਨੂੰ ਬਹੁਮੁੱਲੀ ਜਾਣਕਰੀ ਦਿੱਤੀ।
ਸੈਮੀਨਾਰ ਦੇ ਆਰੰਭ ਵਿਚ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਆਏ ਸਮੂਹ ਵਿਦਵਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਕਿ ਕਿਵੇਂ ਅੱਜ ਦੀ ਨੌਜਵਾਨ ਪੀੜੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਦੂਰ ਜਾ ਕੇ ਅੰਧਕਾਰ ਦਾ ਸ਼ਿਕਾਰ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਵਰਤਮਾਨ ਸਮ੍ਹੇਂ ਜੇਕਰ ਸਮਾਜ ਦਾ ਭਵਿੱਖ ਉਜਵਲ ਬਣਾਉਣਾ ਹੈ ਤਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਅਜੋਕੀ ਵਿਦਿਆ ਦੇ ਸੁਮੇਲ ‘ਚ ਵਿਦਿਆਰਥੀ ਜੀਵਨ ਢਾਲਣਾ ਹੋਵੇਗਾ ਤਾਂ ਹੀ ਇਕ ਸੱਭਿਅਕ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਭਾਈ ਗੁਰਅਵਤਾਰ ਸਿੰਘ ਕਈ ਸਾਲਾਂ ਤੋਂ ਇਸ ਕਾਲਜ ਨਾਲ ਜੁੜੇ ਹੋਏ ਹਨ ਅਤੇ ਉਹ ਕਿਵੇਂ ਆਪਣੀ ਕਿਰਤ ਕਮਾਈ ਵਿਚੋਂ ਸਮਰੱਥਾ ਅਨੁਸਾਰ ਲੋੜਵੰਦ ਵਿਦਿਆਰਥੀਆਂ ਦੀ ਫੀਸ ਅਦਾ ਕਰ ਰਹੇ ਹਨ ਅਤੇ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਆ ਕੇ ਵਿਦਿਆਰਥੀਆਂ ਨੂੰ ਇਸ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰ ਰਹੇ ਹਨ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਬੁਲਾਰਿਆਂ ਨੇ ਵਿਦਿਆਰਥੀਆਂ ਨਾਲ ਗੁਰੂ ਨਾਨਕ ਦੇਵ ਜੀ ਦੇ ਬਚਪਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਦਾ ਵਿਗਿਆਨਕ ਸਰੋਕਾਰ ਅਤੇ ਵੱਖ-ਵੱਖ ਸਾਖੀਆਂ ਤੇ ਡੂੰਘੀ ਚਰਚਾ ਕੀਤੀ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਗੁਰਪੁਰਬ ਨੂੰ ਸਮਰਪਿਤ ਜੋ ਗੁਰਬਾਣੀ ਮੁਕਾਬਲੇ ਕਰਵਾਏ ਗਏ ਸਨ ਉਨ੍ਹਾਂ ’ਚ ਕਾਲਜ ਦੀਆਂ ਦੋ ਵਿਦਿਆਰਥਣਾ ਜਿੰਨ੍ਹਾਂ ਨੇ ਅੰਮ੍ਰਿਤਸਰ ਤਰਨ-ਤਾਰਨ ਜ਼ੋਨ ਵਿਚੋਂ ਗੁਰਪ੍ਰੀਤ ਕੌਰ ਨੇ ਦੂਜਾ ਅਤੇ ਅਨਮੋਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥਣਾ ਨੂੰ ਸਟੱਡੀ ਸਰਕਲ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਸਿੱਖ ਇਤਿਹਾਸ ਅਤੇ ਧਾਰਮਿਕ ਵਿਭਾਗ ਦੇ ਇੰਚਾਰਜ ਪ੍ਰੋ. ਰਣਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media