ਖਾਲਸਾ ਕਾਲਜ ਦੀ 115ਵੀਂ ਕਨਵੋਕੇਸ਼ਨ ’ਚ 1770 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ
ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਦੀ 115ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਐਮ.ਫਿਲ, ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ 1770
ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਿਗਰੀ ਵੰਡ ਸਮਾਰੋਹ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਪ੍ਰੋ: ਅਰਵਿੰਦ ਮੁੱਖ ਮਹਿਮਾਨ ਵਜੋਂ ਪੁੱਜੇ।ਜਿਨ੍ਹਾਂ ਨੇ ਆਪਣੇ ਸੰਬੋਧਨੀ ਭਾਸ਼ਣ ’ਚ ਕਿਹਾ ਕਿ ਸਿੱਖਿਆ ਸਮਾਜ ਨੂੰ ਬਦਲਣ ਅਤੇ ਦੇਸ਼ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਦਾ ਸਾਧਨ ਹੈ।ਜ਼ਿਕਰਯੋਗ ਹੈ ਕਿ ਪ੍ਰੋ: ਅਰਵਿੰਦ ਜੋ ਕਿ ਕਰੀਬ ਸੰਨ 1980 ’ਚ ਕਾਲਜ ਦੇ ਵਿਦਿਆਰਥੀ ਰਹੇ ਹਨ, ਨੇ ਪ੍ਰੀ-ਇੰਜੀਨੀਅਰਿੰਗ ਦੀ ਪੜ੍ਹਾਈ ਹਾਸਲ ਕੀਤੀ ਸੀ।
ਨਾਮਵਰ ਸਖਸ਼ੀਅਤ ਨੈਲਸਨ ਮੰਡੇਲਾ ਦਾ ਹਵਾਲਾ ਦਿੰਦੇ ਹੋਏ ਪ੍ਰੋ: ਅਰਵਿੰਦ ਨੇ ਸਿੱਖਿਆ ਦੇ ਖੇਤਰ ’ਚ ਖਾਲਸਾ ਕਾਲਜ ਦੇ ਯੋਗਦਾਨ ਨੂੰ ਯਾਦ ਕਰਦਿਆਂ ਜ਼ਮੀਨੀ ਪੱਧਰ ਅਤੇ ਉਚ ਪੱਧਰ ’ਤੇ ਮਿਆਰੀ ਸਿੱਖਿਆ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਦੇਸ਼ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਦਾ ਹੈ, ਉਹ ਹਰੇਕ ਖੇਤਰਾਂ ’ਚ ਤਰੱਕੀ ਕਰਦਾ ਹੈ।ਇਹ ਮਨੁੱਖੀ ਇਤਿਹਾਸ ਤੋਂ ਸਪੱਸ਼ਟ ਹੁੰਦਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਨੂੰ ਰਾਸ਼ਟਰਾਂ ਦੀ ਮੂਹਰੀ ਕਤਾਰ ’ਚ ਲਿਜਾਣ ਦੇ ਯੋਗ ਬਣਾਉਣ ਲਈ ਸਾਨੂੰ ਮਿਆਰੀ ਸਿੱਖਿਆ ’ਤੇ ਧਿਆਨ ਦੇਣਾ ਹੋਵੇਗਾ।
ਇਸ ਤੋਂ ਪਹਿਲਾਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਸਿੱਖਿਆ ਦੇ ਉਚੇ ਮਿਆਰ ਨੂੰ ਕਾਇਮ ਰੱਖਣ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਖੁਦਮੁਖਤਿਆਰੀ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਖੁਦਮੁਖਤਿਆਰ ਮਾਹੌਲ ’ਚ ਕੰਮ ਕਰਨਾ ਚਾਹੀਦਾ ਹੈ।ਅਕਾਦਮਿਕ ਸਮਾਗਮ ਦੀ ਪ੍ਰਧਾਨਗੀ ਕਰਨ ਵਾਲੇ ਮਜੀਠੀਆ ਨੇ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਲਈ ਸਾਨੂੰ ਸੱਤਾ ਦੇ ਕੇਂਦਰ ਦਾ ਵਿਕੇਂਦਰੀਕਰਨ ਜ਼ਰੂਰੀ ਹੈ ਅਤੇ ਅਧਿਕਾਰੀਆਂ ਨੂੰ ਹੇਠਲੇ ਪੱਧਰ ਤੱਕ ਜ਼ਿੰਮੇਵਾਰੀਆਂ ਸੌਂਪਣ ਦੀ ਲੋੜ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਕਿਉਂਕਿ ਅਸੀਂ ਧਰਤੀ ਗ੍ਰਹਿ ਦੇ ਨਾਜ਼ੁਕ ਵਾਤਾਵਰਣ ਨਾਲ ਦਖਲਅੰਦਾਜ਼ੀ ਕਰ ਰਹੇ ਹਾਂ। ਉਨ੍ਹਾਂ ਨੇ ਡਿਗਰੀਆਂ ਅਤੇ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀਆਂ ਵਿੱਦਿਅਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਹੇਠ ਕਾਲਜ ਨੇ ਤਰੱਕੀ ਕੀਤੀ ਹੈ ਅਤੇ ਵਿਦਿਆਰਥੀਆਂ ਨੇ ਸਾਲਾਨਾ ਇਮਤਿਹਾਨਾਂ ਦੇ ਨਾਲ-ਨਾਲ ਖੇਡਾਂ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਅੱਜ ਡਿਗਰੀਆਂ, ਮੈਡਲ ਅਤੇ ਮੈਰੀਟੋਰੀਅਸ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਰਾਜਬੀਰ ਸਿੰਘ, ਐਸ.ਐਸ ਮੰਨਨ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਪਰਮਜੀਤ ਸਿੰਘ ਬੱਲ, ਐਸ.ਐਸ ਸੇਠੀ, ਪ੍ਰਿੰਸੀਪਲ ਡਾ: ਸੁਰਿੰਦਰਪਾਲ ਕੌਰ ਢਿੱਲੋਂ ਤੋਂ ਇਲਾਵਾ ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media