Friday, February 27, 2026

ਬਾਦਲ, ਮੋਦੀ ਅਤੇ ਕੈਪਟਨ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ – ਮੁੱਖ ਮੰਤਰੀ ਚੰਨੀ

ਕੇਜਰੀਵਾਲ ਸੱਤਾ ਦਾ ਲਾਲਚੀ ਅਤੇ ਬਾਹਰੀ ਵਿਅਕਤੀ

ਪਠਾਨਕੋਟ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾਂ ਹੀ ਕੈਪਟਨ ਦੇ ਨਿਸ਼ਾਨੇ ‘ਤੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸ਼ਾਂ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁਦਿਆਂ ਨੂੰ ਹੱਲ ਕਰਨ ਦੀ ਬਜ਼ਾਏ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸ਼ੂਰੂ ਕਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਅਤੇ ਦੱਬੇ-ਕੁੱਚਲੇ ਲੋਕਾਂ ਲਈ ਆਪਣਾ ਸੰਘਰਸ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ।
                      ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜਿੰਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ।
                    ਅਕਾਲੀ, ਭਾਜਪਾ ਅਤੇ ਅਮਰਿੰਦਰ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਹਨ।ਮੋਦੀ, ਬਾਦਲ ਅਤੇ ਕੈਪਟਨ ਦੀ ਤਿਕੜੀ ਨੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿਚ ਪਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜ਼ਿਸ਼ ਰਚੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਕਿਸਾਨ ਵਿਰੋਧੀ ਕਾਨੂੰਨ ਲਈ ਅਕਾਲੀ ਜ਼ਿੰਮੇਵਾਰ ਹਨ, ਕਿਉਂਕਿ ਉਨ੍ਹਾਂ ਨੇ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਬਿੱਲ ਪਾਸ ਕੀਤਾ, ਜੋ ਬਾਅਦ ਵਿੱਚ ਕਾਲੇ ਖੇਤੀ ਕਾਨੂੰਨਾਂ ਦਾ ਆਧਾਰ ਬਣਿਆ।ਉਹਨਾਂ ਅੱਗੇ ਕਿਹਾ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਭਾਜਪਾ ਨਾਲ ਮਿਲੇ ਹੋਏ ਹਨ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਵਿੱਚ ਆ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪ ਮੁਸ਼ਕਲਾਂ ਭਰਿਆ ਜੀਵਨ ਬਸਰ ਕੀਤਾ ਹੈ, ਇਸ ਲਈ ਉਹ ਆਮ ਆਦਮੀ ਦੀਆਂ ਮੁਸਕਿਲਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ। ਚੰਨੀ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਗਰੀਬ ਅਤੇ ਆਮ ਆਦਮੀ ਦੀ ਭਲਾਈ ਲਈ ਸਾਰੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾ ਰਹੇ ਹਨ।ਜਦੋਂ ਤੱਕ ਉਹ ਸੱਤਾ ਵਿੱਚ ਹਨ, ਉਦੋਂ ਤੱਕ ਉਹ ਆਪਣੀ ਇਹ ਜ਼ਿੰਮੇਵਾਰੀ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ।
                  ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੀ ਸੱਤਾ ਦੀ ਲਾਲਸਾ ਲਈ ਹਨੇਰੇ ਵਿਚ ਤੀਰ ਮਾਰ ਰਹੇ ਹਨ।ਅਫਵਾਹਾਂ ਫੈਲਾਉਣ ਵਾਲਾ ਕੇਜਰੀਵਾਲ ਪੰਜਾਬ ਬਾਰੇ ਕੁੱਝ ਨਹੀਂ ਜਾਣਦਾ ਪਰ ਬੇਤੁਕੀ ਬਿਆਨਬਾਜ਼ੀ ਨਾਲ ਪੰਜਾਬ ਦੀ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਸੌੜੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ।
                      ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੂੰ ਆਪਣੀ ਧਰਤੀ ਅਤੇ ਲੋਕਾਂ ਨਾਲ ਪਿਆਰ ਹੈ ਅਤੇ ਉਨ੍ਹਾਂ ਨੇ ਕਦੇ ਵੀ ਕਿਸੇ ਬਾਹਰਲੇ ਵਿਅਕਤੀ ਨੂੰ ਆਪਣੇ ਸੂਬੇ ਵਿੱਚ ਆਉਣ ਅਤੇ ਰਾਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਚੰਨੀ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਫੇਲ੍ਹ ਹੋ ਚੁੱਕੀ ਹੈ ਜਦਕਿ ਕਾਂਗਰਸ ਲੋਕਾਂ ਦੀ ਭਲਾਈ ਲਈ ਬਿਹਤਰੀਨ ਕੰਮ ਕਰ ਰਹੀ ਹੈ।
                   ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ, ਘਰੇਲੂ ਖ ਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਪ੍ਰਤੀ ਕਿਊਬਿਕ ਫੁੱਟ ਰੁਪਏ ਕੀਤੇ ਅਤੇ ਗੰਨੇ ਦੇ ਵਧੇ ਹੋਏ 50 ਰੁਪਏ ਭਾਅ ਵਿਚੋਂ ਪੰਜਾਬ ਸਰਕਾਰ 35 ਰੁਪਏ ਝੱਲੇਗੀ, ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਕਈ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਜਾਣਗੇ।
                    ਸਰਹੱਦੀ ਖੇਤਰਾਂ ਦੇ ਵਸਨੀਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਖੇਤਰ ਵਿੱਚ ਬਹਾਦਰ ਲੋਕ ਰਹਿੰਦੇ ਹਨ ਪਰ ਫਿਰ ਵੀ ਰਾਜ ਸਰਕਾਰਾਂ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।ਉਹਨਾਂ ਕਿਹਾ ਕਿ ਇਸ ਖੇਤਰ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ, ਜਿਵੇਂ ਬਾਦਲਾਂ ਤੇ ਮਹਾਰਾਜਾ ਨੇ ਆਪੋ-ਆਪਣੇ ਖੇਤਰਾਂ ਦਾ ਵਿਕਾਸ ਕੀਤਾ ਸੀ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ, “ਮੇਰਾ ਵਾਅਦਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਜਲਦ ਹੀ ਵਿਆਪਕ ਵਿਕਾਸ ਕੀਤਾ ਜਾਵੇਗਾ।’’
                      ਇਸ ਦੌਰਾਨ ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਮੈਡੀਕਲ ਕਾਲਜ, ਭੋਆ ਨੂੰ ਪ੍ਰਬੰਧਕੀ ਬਲਾਕ ਐਲਾਨਣ, ਨਰੋਟ ਜੈਮਲ ਸਿੰਘ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਸੰਤ ਬਾਬਾ ਨਾਭਾ ਦਾਸ ਦੀ ਇਮਾਰਤ ਲਈ ਢੁਕਵੀਂ ਜ਼ਮੀਨ ਦੇਣ ਦਾ ਐਲਾਨ ਕੀਤਾ।
ਇਸ ਤੋਂ ਪਹਿਲ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ‘ਚੰਨੀ ਰਾਜ, ਚੰਗਾ ਰਾਜ’ ਦਾ ਨਾਅਰਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕੀ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਸਰਹੱਦੀ ਜਿਲ੍ਹਿਆਂ ਵਿੱਚ ਸਰਬਪੱਖੀ ਵਿਕਾਸ ਦੀ ਨਵੀਂ ਪਿਰਤ ਪਾਈ ਹੈ, ਜਿਸ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਸੀ।
                    ਆਪਣੇ ਸੰਬੋਧਨ ਵਿੱਚ ਵਿਧਾਇਕ ਜੋਗਿੰਦਰ ਪਾਲ ਨੇ ਚੰਨੀ ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਦੱਸਿਆ।ਜਿੰਨਾਂ ਨੇ ਹਰ ਗਰੀਬ ਆਦਮੀ ਦਾ ਸੁਪਨਾ ਸਾਕਾਰ ਕੀਤਾ ਹੈ।ਜੋਗਿੰਦਰ ਪਾਲ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ।
                 ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਮੰਤਰੀ ਚੰਨੀ ਨੇ ਪਿੰਡ ਬੰਨੀ ਲੋਧੀ ਵਿਖੇ ਖੇਡ ਸਟੇਡੀਅਮ ਅਤੇ ਪਿੰਡ ਲਾਹੜੀ ਮਹੰਤਾ ਵਿਖੇ 66 ਕੇ.ਵੀ ਪਾਵਰ ਸਟੇਸ਼ਨ ਵੀ ਲੋਕ ਅਰਪਣ ਕੀਤਾ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਅਮਿਤ ਵਿਜ, ਸਾਬਕਾ ਮੰਤਰੀ ਰਮਨ ਭੱਲਾ, ਕਾਂਗਰਸੀ ਆਗੂ ਅਸ਼ੋਕ ਵਢੇਰਾ, ਉਦਯੋਗ ਵਿਭਾਗ ਦੇ ਵਾਈਸ ਚੇਅਰਮੈਨ ਕਾਰਤਿਕ ਵਢੇਰਾ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …