ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ
ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ।ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ ਹੈ।
ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਭਰਵਾਂ ਸਵਾਗਤ ਕੀਤਾ ਗਿਆ। ਹੋਇਆ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਅਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਅੰਤ੍ਰਿੰਗ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਭਲਾਈਪੁਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁੱਖੀ ਆਦਿ ਮੌਜੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media