Monday, April 7, 2025
Breaking News

ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

ਅੰਤ੍ਰਿੰਗ ਕਮੇਟੀ ਦੀ ਬੁਲਾਈ ਉਚੇਚੀ ਇਕੱਤਰਤਾ ਦੌਰਾਨ ਲਿਆ ਫੈਸਲਾ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ।ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਇਹ ਪਲੇਠੀ ਇਕੱਤਰਤਾ ਉਚੇਚੇ ਤੌਰ ’ਤੇ ਬੁਲਾਈ ਗਈ ਸੀ।ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਕ ਮੈਂਬਰ ਨਾਮਜ਼ਦ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਮੈਂਬਰਾਂ ਦੀ ਨਾਜ਼ਦਗੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵਿਚ ਲੰਘੀ 23 ਅਗਸਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਮੈਂਬਰ ਵਜੋਂ ਭੇਜਿਆ ਗਿਆ ਸੀ, ਪ੍ਰੰਤੂ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਉਨ੍ਹਾਂ ਦੀ ਮੈਂਬਰੀ ਰੱਦ ਕਰਨ ਕਰਕੇ ਹੁਣ ਨਵਾਂ ਨਾਂ ਮੈਂਬਰ ਵਜੋਂ ਭੇਜਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤੇ ਹਨ ਅਤੇ ਇਸ ਸਬੰਧੀ ਜਲਦ ਹੀ ਨਾਮਜ਼ਦਗੀ ਕੀਤੀ ਜਾਵੇਗੀ।
                  ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ ਦਿੱਲੀ ਦੇ ਰਾਜ ਨਗਰ ਵਿਖੇ 2 ਸਿੱਖਾਂ ਦੇ ਕਤਲ ਦੇ ਸਬੰਧ ਵਿਚ ਦੋਸ਼ ਆਇਦ ਹੋਣੇ ਪੀੜ੍ਹਤ ਸਿੱਖ ਪਰਿਵਾਰਾਂ ਲਈ ਧਰਵਾਸ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਸ ਆਗੂ ਸੱਜਣ ਕੁਮਾਰ ਤੋਂ ਇਲਾਵਾ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਜਮਾਤ ਸਿੱਖਾਂ ਦੀ ਦੁਸ਼ਮਣ ਜਮਾਤ ਹੈ ਅਤੇ ਵੱਡਾ ਦੁੱਖ ਇਸ ਗੱਲ ਦਾ ਹੈ ਕਿ ਅੱਜ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ। ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਲੱਗੀਆਂ ਵਿਸ਼ਾਲ ਸਕਰੀਨਾਂ ’ਤੇ ਚੱਲਦੀਆਂ ਸਰਕਾਰ ਦੀਆਂ ਮਸ਼ਹੂਰੀਆਂ ਦੀ ਸਖ਼ਤ ਆਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਇਸ ਮਾਰਗ ’ਤੇ ਅਕਾਲੀ ਸਰਕਾਰ ਸਮੇਂ ਸਕਰੀਨਾਂ ਗੁਰਬਾਣੀ ਦੇ ਪ੍ਰਸਾਰਣ ਲਈ ਲਗਾਈਆਂ ਗਈਆਂ ਸਨ। ਹੁਣ ਪੰਜਾਬ ਦੀ ਕਾਂਗਰਸ ਸਰਕਾਰ ਇਨ੍ਹਾਂ ਦੀ ਵਰਤੋਂ ਆਪਣੇ ਨਿੱਜੀ ਹਿੱਤਾਂ ਲਈ ਕਰ ਰਹੀ ਹੈ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਪ੍ਰਚਾਰ ਬੰਦ ਕਰਕੇ ਤੁਰੰਤ ਗੁਰਬਾਣੀ ਕੀਰਤਨ ਚਲਾਏ।
                   ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …