Monday, April 13, 2026

ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਬੈਂਕ ਖਾਤਿਆਂ ਵਿਚ ਭੇਜੀਆਂ ਜਾਣ – ਮੈਂਬਰ ਪੰਜਾਬ ਰਾਜ ਸਫਾਈ ਕਮਿਸ਼ਨ

ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰੁੰਤ ਮਿਲੇ ਨੌਕਰੀ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੀਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀਆਂ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਮਿਸ਼ਨ ਬਹੁਤ ਗੰਭੀਰ ਹੈ।ਇੰਦਰਜੀਤ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਵੀ ਸਫਾਈ ਕਰਮਚਾਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕਰੀਏ।
                ਇੰਦਰਜੀਤ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸੀਵਰੇਜ ਦੀ ਸਫਾਈ ਮਸ਼ੀਨਾਂ ਨਾਲ ਹੀ ਕਰਵਾਈ ਜਾਵੇ।ਜੇਕਰ ਕਿਸੇ ਕਾਰਨ ਸਫਾਈ ਲਈ ਕਿਸੇ ਕਰਮਚਾਰੀ ਨੂੰ ਅੰਦਰ ਭੇਜਣ ਦੀ ਲੋੜ ਹੋਵੇ ਤਾਂ ਸਾਰੇ ਸੁਰੱਖਿਆ ਮਾਨਕਾਂ ਨੂੰ ਅਪਨਾਇਆ ਜਾਵੇ।ਉਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਅਦਾਇਗੀਆਂ ਆਨ ਲਾਈਨ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣ।ਸਫਾਈ ਕਰਮਚਾਰੀਆਂ ਨੂੰ ਹੱਥਾਂ ਉਤੇ ਪਾਉਣ ਲਈ ਦਸਤਾਨੇ, ਮੂੰਹ ਲਈ ਮਾਸਕ, ਯੂਨੀਫਾਰਮ ਆਦਿ ਵੀ ਸਮੇਂ-ਸਮੇਂ ਸਿਰ ਮਹੁੱਈਆ ਕਰਵਾਏ ਜਾਣ, ਤਾਂ ਜੋ ਉਹ ਕਿਸੇ ਬਿਮਾਰੀ ਦਾ ਸ਼ਿਕਾਰ ਨਾ ਹੋਣ। ਮੈਂਬਰ ਪੰਜਾਬ ਰਾਜ ਸਫਾਈ ਕਮਿਸ਼ਨ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦਾ ਪੀ.ਪੀ.ਐਫ ਕੱਟਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਸਫਾਈ ਕਰਮਚਾਰੀ ਦੀ ਸੀਵਰੇਜ਼ ਸਾਫ ਕਰਦੇ ਸਮੇਂ ਮੌਤ ਹੋ ਜਾਂਦੀ ਹੈ ਤਾਂ ਹਦਾਇਤਾਂ ਅਨੁਸਾਰ 10 ਲੱਖ ਰੁਪਏ ਅਤੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਵਿੱਚੋ ਇਕ ਮੈਂਬਰ ਨੂੰ ਨੌਕਰੀ ਜਰੂਰ ਦਿੱਤੀ ਜਾਵੇ।
              ਇੰਦਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਸਫਾਈ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਤੁਰੰਤ ਦਿੱਤੀ ਜਾਵੇ, ਤਾਂ ਜੋ ਉਨਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਅਸਾਨੀ ਨਾਲ ਚੱਲਦਾ ਰਹੇ।ਉਨਾਂ ਨੇ ਕਾਮਿਆਂ ਦੀਆਂ ਛੁੱਟੀਆਂ ਆਦਿ ਦੇ ਵੇਰਵੇ ਵੀ ਲਏ ਅਤੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੀ ਸੁਣੀਆਂ ਤੇ ਭਰੋਸਾ ਦਿੱਤਾ ਕਿ ਕਮਿਸ਼ਨ ਉਨਾਂ ਦੇ ਹੱਕਾਂ ਲਈ ਦ੍ਰਿੜ ਹੈ।
            ਇਸ ਮੌਕੇ ਜਾਇੰਟ ਕਮਿਸ਼ਨਰ ਨਗਰ ਨਿਗਮ ਹਰਦੀਪ ਸਿੰਘ, ਐਸ.ਡੀ.ਐਮ ਅੰਮ੍ਰਿਤਸਰ -1 ਟੀ ਬੈਨਿਥ, ਜਿਲ੍ਹਾ ਸਮਾਜਿਕ ਤੇ ਨਿਆਂ ਅਧਿਕਾਰਤਾ ਅਫਸਰ ਸੰਜੀਵ ਮੰਨਣ, ਡਾ: ਯੋਗੇਸ਼ ਅਰੋੜਾ, ਏ:ਡੀ:ਸੀ:ਪੀ ਸਰਬਜੀਤ ਸਿੰਘ, ਸਫਾਈ ਕਰਮਚਾਰੀ ਐਸੋਸੀਏਸਨ ਦੇ ਮੈਂਬਰ ਵਿਨੋਦ ਬਿੱਟਾ ਅਤੇ ਆਸ਼ੂ ਨਾਹਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …