Sunday, May 31, 2026

ਕਿਸਾਨ ਅੰਦੋਲਨ ਦੀ ਸਫਲਤਾ ਲਈ ਉਪ ਮੁੱਖ ਮੰਤਰੀ ਰੰਧਾਵਾ ਨੇ ਹਰਮਿੰਦਰ ਸਾਹਿਬ ਪਹੁੰਚ ਕੇ ਕੀਤਾ ਸ਼ੁਕਰਾਨਾ

ਕਾਲੇ ਕਾਨੂੰਨਾਂ ਦੀ ਵਾਪਸੀ ਪੰਜਾਬੀਅਤ ਦੀ ਜਿੱਤ-ਰੰਧਾਵਾ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲੀ ਕਾਮਯਾਬੀ ਲਈ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।ਤਕਰੀਬਨ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਰੰਧਾਵਾ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਕੀਰਤਨ ਸਰਵਣ ਕੀਤਾ ਅਤੇ ਹੁਕਮਨਾਮਾ ਸੁਣ ਕੇ ਵਾਪਸੀ ਲਈ ਚਾਲੇ ਪਾਏ।ਭਗਵੰਤਪਾਲ ਸਿੰਘ ਸੱਚਰ ਤੇ ਹੋਰ ਕਾਂਗਰਸੀ ਆਗੂ ਵੀ ਉਨਾਂ ਨਾਲ ਹਾਜ਼ਰ ਸਨ।
               ਰੰਧਾਵਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਨਾਂ ਨੂੰ ਖੁਸ਼ੀ ਹੈ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਅਪਾਰ ਕਿਰਪਾ ਨਾਲ ਸਾਡੇ ਕਿਸਾਨਾਂ ਨੂੰ ਸੰਘਰਸ਼ ਵਿਚ ਕਾਮਯਾਬੀ ਮਿਲੀ ਹੈ।ਮੋਦੀ ਸਰਕਾਰ ਜੋ ਕਿ ਆਪਣੇ ਅੱਖੜ ਰਵੀਈਏ ਕਰਕੇ ਜਾਣੀ ਜਾਂਦੀ ਹੈ, ਨੂੰ ਪੰਜਾਬ ਦੇ ਕਿਸਾਨਾਂ ਨੇ ਜਿਸ ਦ੍ਰਿੜਤਾ ਨਾਲ ਸੰਘਰਸ਼ ਕਰਕੇ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਹੈ।ਇਹ ਆਪਣੀ ਤਰਾਂ ਦੀ ਇਕਲੌਤੀ ਮਿਸਾਲ ਹੈ।ਉਨਾਂ ਕਿਹਾ ਕਿ ਜਿਵੇਂ ਦੇਸ਼ ਦੀ ਅਜ਼ਾਦੀ ਵੇਲੇ ਪੰਜਾਬੀਆਂ ਨੇ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਸਨ, ਠੀਕ ਉਸੇ ਤਰਾਂ ਇੰਨਾ ਕਾਲੇ ਕਾਨੂੰਨਾਂ ਵਿਰੁੱਧ ਵੀ ਪੰਜਾਬ ਦੇ ਕਿਸਾਨ ਨੇ ਅੱਗੇ ਹੋ ਕੇ ਲੜਾਈ ਲੜੀ ਤੇ ਫਿਰ ਦੇਸ਼-ਵਿਦੇਸ਼ ਤੋਂ ਇੰਨਾਂ ਨੂੰ ਡੱਟਵੀਂ ਹਮਾਇਤ ਮਿਲੀ, ਜਿਸ ਨੇ ਇਹ ਕਾਨੂੰਨ ਵਾਪਸ ਲੈਣ ਲਈ ਸਰਕਾਰ ਨੂੰ ਮਜ਼ਬੂਰ ਕੀਤਾ।ਉਨਾਂ ਕਿਹਾ ਕਿ ਕੇਂਦਰ ਨੇ ਇਸ ਕਿਰਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕਈ ਚਾਲਾਂ ਵੀ ਚੱਲੀਆਂ, ਪਰ ਸੂਝਵਾਨ ਕਿਸਾਨਾਂ ਨੇ ਸਾਂਤੀਪੂਰਵਕ ਰਹਿੰਦੇ ਹੋਏ ਆਪਣਾ ਸੰਘਰਸ਼ ਜਾਰੀ ਰੱਖਿਆ ਤੇ ਜਿੱਤ ਵੱਲ ਵੱਧਦੇ ਗਏ।ਉਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਰਹੀ ਹੈ ਅਤੇ ਸੰਘਰਸ਼ ਦੌਰਾਨ ਵੀ ਅਸੀਂ ਕਿਸਾਨਾਂ ਨਾਲ ਖੜੇ ਰਹੇ ਹਾਂ।ਉਨਾਂ ਕਿਹਾ ਕਿ ਇਸ ਸੰਘਰਸ਼ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਤਾਂ ਜੋ ਉਨਾਂ ਪਰਵਿਾਰਾਂ ਦੀ ਰੋਟੀ ਚੱਲਦੀ ਰਹੇ।ਉਨਾਂ ਕਿਹਾ ਕਿ ਉਹ ਕਿਸਾਨਾਂ ਦੀ ਕੁਰਬਾਨੀ, ਸੋਚ ਅਤੇ ਸੰਘਰਸ਼ ਨੂੰ ਸਿਜ਼ਦਾ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਸਾਡੇ ਅੰਨਦਾਤੇ ਨੂੰ ਖੁਸ਼ਹਾਲੀ ਬਖਸ਼ੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …