ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ- ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ
ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਕਿਸਾਨ ਆਗੂਆਂ ਨੂੰ ਜੀ ਆਇਆਂ ਕਿਹਾ।
ਸਮਾਗਮ ਸਮੇਂ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ।ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਪਰ ਸਰਕਾਰ ਨੂੰ ਆਖਰ ਝੁਕਣਾ ਪਿਆ।ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ।ਹਰਿਆਣਾ ਨੇ ਆਪਣੇ ਛੋਟੇ ਭਰਾ ਹੋਣ ਦਾ ਸਬੂਤ ਦਿੰਦਿਆਂ ਹਰ ਔਕੜ ਸਮੇਂ ਡਟਵਾਂ ਮੁਕਾਬਲਾ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੇ ਦੇਸ਼ ਨੂੰ ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਵਧਾਈ ਦਿੰਦਿਆਂ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਸੰਘਰਸ਼ ਵਿਚ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਅਨੇਕਾਂ ਔਕੜਾਂ ਆਈਆਂ, ਪਰ ਪਰਮਾਤਮਾ ਦੀ ਮਿਹਰ ਸਦਕਾ ਕਿਸਾਨਾਂ ਦੀ ਹਰ ਔਕੜ ਦੂਰ ਹੋਈ।ਰਾਜੇਵਾਲ ਨੇ ਕਿਹਾ ਕਿ ਇਸ ਮੋਰਚੇ ਦੀ ਜਿੱਤ ਨੇ ਪੰਜਾਬੀਆਂ ਦੇ ਇਤਿਹਾਸ ਦੀ 300 ਸਾਲ ਪੁਰਾਣੀ ਯਾਦ ਨੂੰ ਮੁੜ ਕੀਤਾ।ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਹਰਿਆਣਾ, ਯੂ.ਪੀ ਸਮੇਤ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਨੇ ਭਰਵਾਂ ਸਹਿਯੋਗ ਦਿੱਤਾ।ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਉਚੇਚੇ ਤੌਰ ’ਤੇ ਧੰਨਵਾਦ ਵੀ ਕੀਤਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਹਰਪਾਲ ਸਿੰਘ ਢੰਡ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ।
Punjab Post Daily Online Newspaper & Print Media