7 ਜਨਵਰੀ ਨੂੰ ਛੁੱਟੀ ਕਰਨ ਬਾਰੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਫੈਸਲੇ ਅਨੁਸਾਰ ਸਮੁੱਚਾ ਸੰਸਾਰ 7 ਜਨਵਰੀ 2015 (23 ਪੋਹ) ਨੂੰ ਹੀ ਮਨਾਵੇ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਇਕੋ ਸਮੇਂ ਹੋਣ ਕਰਕੇ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਦੁਬਿਦਾ ਵਿੱਚ ਸਨ।ਬੀਤੇ ਦਿਨ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕਤਰਤਾ ਦੌਰਾਨ ਦੀਰਘ ਵਿਚਾਰ ਉਪ੍ਰੰਤ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 7 ਜਨਵਰੀ 2015 (23 ਪੋਹ) ਨੂੰ ਮਨਾਉਣ ਦਾ ਫੈਸਲਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਫੈਸਲੇ ਅਨੁਸਾਰ ਸਮੁੱਚੇ ਸੰਸਾਰ ਭਰ ਦੇ ਹਰੇਕ ਨਾਨਕ ਨਾਮ ਲੇਵਾ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ 7 ਜਨਵਰੀ 2015 (23 ਪੋਹ) ਨੂੰ ਹੀ ਮਨਾਇਆ ਜਾਵੇ।
ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 7 ਜਨਵਰੀ 2015 ਨੂੰ ਮਨਾਏ ਜਾਣ ਸਬੰਧੀ ਸ੍ਰੀ ਮਤੀ ਸਿਮਰਤੀ ਇਰਾਨੀ ਕੇਂਦਰੀ ਮਨੁੱਖੀ ਵਸੀਲੇ ਅਤੇ ਵਿਕਾਸ ਮੰਤਰੀ ਅਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ 28 ਦਸੰਬਰ 2014 ਦੀ ਬਜਾਏ 7 ਜਨਵਰੀ 2015 ਨੂੰ ‘ਪ੍ਰਕਾਸ਼ ਪੁਰਬ’ ਦੀ ਸਰਕਾਰੀ ਛੁੱਟੀ ਕੀਤੀ ਜਾਵੇ।
Punjab Post Daily Online Newspaper & Print Media