Thursday, July 2, 2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਨਾ ਹੋਣ ਦੇਣ ਦਾ ਐਲਾਨ

23 ਫ਼ਸਲਾਂ ਦੀ ਖਰੀਦ ਦੀ ਗਰੰਟੀ ਕਾਨੂੰਨ ਬਣਾਉਣ ਸਮੇਤ 6 ਰਹਿੰਦੀਆਂ ਮੰਗਾਂ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਜਥੇਬੰਦੀ ਦੀ ਸੂਬਾ ਕਮੇਟੀ ਦੀ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤੇ ਫ਼ੈਸਲਿਆਂ ਅਨੁਸਾਰ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਮੌਕੇ ਸਖਤ ਵਿਰੋਧ ਕਰਨ ਅਤੇ ਕਿਸੇ ਵੀ ਕੀਮਤ ‘ਤੇ ਰੈਲੀ ਨਾ ਹੋਣ ਦੇਣ ਦਾ ਐਲਾਨ ਕੀਤਾ ਹੈ।
                       ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦਾ ਐਲਾਨ 28 ਦਸੰਬਰ ਦੀ ਮੀਟਿੰਗ ਵਿੱਚ ਕੀਤਾ ਗਿਆ ਸੀ।ਜੇਕਰ 4 ਜਨਵਰੀ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੱਕ ਮੰਨੀਆਂ ਹੋਈਆਂ ਮੰਗਾ ਲਾਗੂ ਨਾ ਕੀਤੀਆਂ ਤਾਂ 8 ਜਨਵਰੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਭਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨੇ ਦੇਣ ਦਾ ਫੈਸਲਾ ਵੀ ਕੀਤਾ ਗਿਆ।ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਵਿਚ ਰੈਲੀ ਕਰਨ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਉਨ੍ਹਾਂ ਸਾਮਰਾਜੀ ਨੀਤੀਆਂ ਦੇ ਦਬਾਅ ਹੇਠ 3 ਖੇਤੀ ਕਾਨੂੰਨ ਲਾਗੂ ਕਰਕੇ ਦੇਸ਼ ਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਦਿੱਲੀ ਦੀਆਂ ਸੜਕਾਂ ‘ਤੇ 1 ਸਾਲ ਬੁਰੀ ਤਰ੍ਹਾਂ ਰੋਲਿਆ ਹੈ ਅਤੇ 750 ਦੇ ਕਰੀਬ ਕਿਸਾਨਸ਼ ਹੀਦੀਆਂ ਦੇ ਚੁੱਕੇ ਹਨ।ਜਿਨ੍ਹਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਆਗੂਆਂ ਨੇ ਅਫਸੋਸ ਦਾ ਇੱਕ ਸ਼ਬਦ  ਵੀ ਨਹੀਂ ਬੋਲਿਆ।ਇਸ ਲਈ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮੰਨਣ ਦਾ ਵੀ ਐਲਾਨ ਤੁਰੰਤ ਕਰਨਾ ਚਾਹੀਦਾ ਹੈ।ਜਿਸ ਵਿੱਚ 23 ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਐਮ.ਐਸ.ਪੀ ਕਾਨੂੰਨ ਬਣਾਉਣ, ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਪਾਰਲੀਮੈਂਟ ਵਿੱਚ ਸ਼ਹੀਦ ਮੰਨ ਕੇ 1 ਕਰੋੜ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ, ਬਿਜ਼ਲੀ ਸੋਧ ਬਿਲ 2020 ਤੁਰੰਤ ਰੱਦ ਕਰਨ, ਲਖੀਮਪੁਰ ਖੀਰੀ ਘਟਨਾ ਦੇ ਦੋਸ਼਼ੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ, ਕਿਸਾਨ ਆਗੂਆਂ ਖਿਲਾਫ ਕੀਤੇ 302 ਦੇ ਪਰਚੇ ਰੱਦ ਕਰਕੇ ਰਿਹਾਅ ਕਰਨ, ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ‘ਤੇ ਦਿੱਲੀ ਪੁਲਿਸ, ਹਰਿਆਣਾ ਪੁਲਿਸ, ਯੂ.ਪੀ ਪੁਲਿਸ, ਉਤਰਾਖੰਡ, ਰਾਜਸਥਾਨ ਤੇ ਪੰਜਾਬ ਆਦਿ ਸੂਬਿਆਂ ਵਿੱਚ ਕੀਤੇ ਪਰਚੇ ਤੁਰੰਤ ਰੱਦ ਕਰਨੇ ਸ਼ਾਮਲ ਹਨ।ਜਿਨ੍ਹਾਂ ਚਿਰ ਤੱਕ ਉਕਤ ਮੰਗਾਂ ਲਾਗੂ ਨਹੀਂ ਹੋ ਜਾਂਦੀਆਂ, ਉਨ੍ਹਾਂ ਚਿਰ ਤੱਕ ਭਾਜਪਾ ਦੇ ਹਰੇਕ ਆਗੂ ਦਾ ਵਿਰੋਧ ਕੀਤਾ ਜਾਵੇਗਾ।
                       ਮੀਟਿੰਗ ਨੂੰ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿੱਧਵਾਂ, ਗੁਰਲਾਲ ਸਿੰਘ ਪੰਡੋਰੀ, ਇੰਦਰਜੀਤ ਸਿੰਘ ਫਿਰੋਜ਼ਪੁਰ, ਗੁਰਦੇਵ ਸਿੰਘ ਮੋਗਾ, ਸਤਨਾਮ ਸਿੰਘ ਤਰਨਤਾਰਨ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਅੰਮ੍ਰਿਤਸਰ, ਰਾਣਾ ਰਣਬੀਰ ਸਿੰਘ, ਜਗਦੀਸ਼ ਸਿੰਘ ਮਨਸ਼ਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …