ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸਮਾਗਮਾਂ ਬਾਰੇ ਕੀਤੀ ਚਰਚਾ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਵਜੋਂ 2 ਜਨਵਰੀ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ
ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸਮਾਗਮ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉਚ ਹੈ ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕੁੱਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਨਹੀਂ ਕਰਦੀਆਂ।ਉਨ੍ਹਾਂ ਕਿਹਾ 2 ਜਨਵਰੀ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਦਿਵਸ ਵਜੋਂ ਸਮਾਗਮ ਹੋ ਰਿਹਾ ਹੈ, ਜਿਸ ਵਿਚ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁੱਖੀ ਸ਼ਮੂਲੀਅਤ ਕਰਨਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਸਮਾਗਮ ਦੀ ਰੂਪ-ਰੇਖਾ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਭਲਾਈਪੁਰ, ਮਾਸਟਰ ਅਮਰੀਕ ਸਿੰਘ ਵਿਛੋਆ, ਬਲਜੀਤ ਸਿੰਘ ਜਲਾਲਉਸਮਾ, ਗੁਰਨਾਮ ਸਿੰਘ ਜੱਸਲ, ਰਤਨ ਸਿੰਘ ਜਫ਼ਰਵਾਲ, ਕੁਲਦੀਪ ਸਿੰਘ ਤੇੜਾ, ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਿਜੈ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਸਿਮਰਜੀਤ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਹਿਬਾਜ਼ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media