ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸਥਾਨਕ ਚਾਟੀਵਿੰਡ ਗੇਟ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਦੇ ਭੋਗ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਇਸ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਹੈ ਅਤੇ ਇਸ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਮਰੀਜ਼ਾਂ ਦੇ ਸੁੱਖ-ਸ਼ਾਂਤੀ ਲਈ ਅਰਦਾਸ ਜਿਥੇ ਡਾਕਟਰਾਂ ਅਤੇ ਸਟਾਫ਼ ਨੂੰ ਦ੍ਰਿੜ੍ਹਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਦਿੰਦੀ ਹੈ, ਉਥੇ ਹੀ ਮਰੀਜ਼ਾਂ ਨੂੰ ਮਾਨਸਿਕ ਮਜ਼ਬੂਤੀ ਵੀ ਪ੍ਰਦਾਨ ਕਰਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਿਹਤ ਅਦਾਰਿਆਂ ਨੇ ਹਮੇਸ਼ਾਂ ਬਿਹਤਰ ਸਿਹਤ ਸੇਵਾਵਾਂ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਨੂੰ ਤਰਜ਼ੀਹ ਦਿੱਤੀ ਹੈ।ਉਨ੍ਹਾਂ ਕੋਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਭਿਆਨਕ ਦੌਰ ਵਿਚ ਜਿਥੇ ਮਰੀਜ਼ਾਂ ਨੂੰ ਵੱਖ-ਵੱਖ ਥਾਵਾਂ ’ਤੇ ਵਾਰਡ ਸਥਾਪਿਤ ਕਰਕੇ ਇਲਾਜ਼ ਕੀਤਾ ਗਿਆ, ਉਥੇ ਹੀ ਮੁਫ਼ਤ ਕੋਰੋਨਾ ਟੀਕਾਕਰਣ ਵਿਚ ਵੀ ਮਿਸਾਲੀ ਸੇਵਾ ਦਿੱਤੀ। ਕਿਸਾਨ ਸੰਘਰਸ਼ ਦੌਰਾਨ ਵੀ ਸ਼੍ਰੋਮਣੀ ਕਮੇਟੀ ਦੇ ਸਿਹਤ ਸੰਸਥਾਵਾਂ ਨੇ ਮੋਹਰੀ ਹੋ ਕੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ਵੀ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਗੇਟ ਦੇ ਮੈਡੀਕਲ ਸੁਪਰਡੈਂਟ ਡਾ. ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਇੰਚਾਰਜ਼ ਸ਼ਾਹਬਾਜ਼ ਸਿੰਘ ਆਦਿ ਮੌਜ਼ੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …