ਸਮਾਗਮ ਦੋਰਾਨ ਕੋਵਿਡ ਦੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਪਾਲਣਾ
ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ ਧਾਰਕਲ੍ਹਾਂ ਜਗਨੂਰ ਸਿੰਘ, ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ, ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਜਸਵੰੰਤ ਸਿੰਘ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਕੋਵਿਡ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਅਗਰਵਾਲ ਨੇ ਦੱਸਿਆ ਕਿ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ।ਕੋਵਿਡ 19 ਦੇ ਚੱਲਦਿਆਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸੋਅ ਨਹੀਂ ਕਰਵਾਇਆ ਜਾ ਰਿਹਾ।ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।