ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਅੱਜ
ਅੰਮ੍ਰਿਤਸਰ ਵਿਖੇ ਸਿੱਖ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਕੀਤੀ ਗਈ । ਜਿਸ ਦੌਰਾਨ ਉਨਾਂ ਚਿਤਾਵਨੀ ਦਿੱਤੀ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਜੇਲ੍ਹ ਵਿਭਾਗ ਪੰਜਾਬ ਵਲੋਂ ਭੇਜੀ ਪ੍ਰੋ: ਭੁੱਲਰ ਦੀ ਪੱਕੀ ਰਿਹਾਈ ਦੀ ਫਾਈਲ ਕਲੀਅਰ ਨਾ ਕਰਦਿਆਂ ਉਨਾਂ ਦੀ ਰਿਹਾਈ ਤੋਂ ਇਨਕਾਰ ਕਰਨ ਦੀ ਸੂਰਤ ’ਚ ਸਮੂਹ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ 26 ਜਨਵਰੀ ਤੋਂ ਬਾਅਦ ਕੇਜਰੀਵਾਲ ਦੇ ਉਮੀਦਵਾਰਾਂ ਨੂੰ ਥਾਂ ਥਾਂ ਘੇਰਿਆ ਜਾਵੇਗਾ।
ਪ੍ਰੋ: ਭੁੱਲਰ ਦੀ ਧਰਮ ਪਤਨੀ ਬੀਬੀ ਨਵਨੀਤ ਕੌਰ ਦੀ ਹਾਜਰੀ ਵਿਚ ਪੰਥਕ ਆਗੂਆਂ ਭਾਈ ਸਰਵਣ ਸਿੰਘ ਅਗਵਾਨ ਭਰਾਤਾ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਨਰਾਇਣ ਸਿੰਘ ਚੋੜਾ ਅਕਾਲ ਫੈਡਰੇਸ਼ਨ, ਭਾਈ ਰਣਜੀਤ ਸਿੰਘ ਬੱਗਾ ਕੈਨੇਡਾ, ਭਾਈ ਹਰਜਿੰਦਰ ਸਿੰਘ ਜ਼ਿੰਦਾ ਸਿੱਖ ਸਟੂਡੈਂਟਸ ਫੈਡਰੇਸ਼ਨ, ਭਾਈ ਖੁਸ਼ਵੰਤ ਸਿੰਘ ਬਾਘਾ, ਭਾਈ ਬਾਬਾ ਰਾਜੂ ਸਿੰਘ ਇਸ਼ਨਾਨ ਸੇਵਕ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਵਰਿਆਮ ਸਿੰਘ ਅਗਵਾਨ, ਜਥੇ: ਪੰਜਾਬ ਸਿੰਘ ਸੁਲਤਾਨਵਿੰਡ ਨੇ ਜ਼਼ੋਰ ਦੇ ਕੇ ਕਿਹਾ ਕਿ ਪ੍ਰੋ: ਭੁੱਲਰ ਦੀ ਰਿਹਾਈ ’ਚ ਇਸ ਸਮੇਂ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਹੀਂ ਰਿਹਾ, ਇਸ ਦੇ ਬਾਵਜ਼ੂਦ ਉਨਾਂ ਦੀ ਰਿਹਾਈ ਪ੍ਰਤੀ ਕੇਜਰੀਵਾਲ ਵਲੋਂ ਸਿੱਖ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੇ ਉਲਟ ਜਾ ਕੇ ਨਕਾਰਾਤਮਿਕ ਰਵੱਈਆ ਅਪਣਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ 9 ਦਸੰਬਰ 2021 ਨੂੰ ਸੁਪਰੀਮ ਕੋਰਟ ਵਲੋਂ ਪ੍ਰੋ: ਭੁੱਲਰ ਦੀ ਰਿਹਾਈ ਦੇ ਆਖ਼ਰੀ ਅੜਿੱਕੇ ਵਜੋਂ ਮਨਜਿੰਦਰ ਸਿੰਘ ਬਿੱਟੇ ਦੀ ਰਿੱਟ ਖ਼ਾਰਜ਼ ਕਰਨ ਤੋਂ ਬਾਅਦ ਹੁਣ ਕੋਈ ਕਾਨੂੰਨੀ ਅੜਿੱਕਾ ਨਹੀਂ ਰਹਿ ਗਿਆ ਹੈ।ਇਸ ਲਈ ਕੇਜਰੀਵਾਲ ਸਰਕਾਰ ਵਲੋਂ ਇਸ ਸੰਬੰਧੀ ਤੁਰੰਤ ਫ਼ੈਸਲਾ ਲੈ ਕੇ ਪ੍ਰੋ: ਭੁੱਲਰ ਦੀ ਰਿਹਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਜਾਰੀ ਕੀਤੀ ਗਈ ਨੋਟੀਫੀਕੇਸ਼ਨ ਮੁਤਾਬਿਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਉਮਰ ਕੈਦ ਵਿੱਚ ਤਬਦੀਲੀ ਅਤੇ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਰਿਹਾਈ ਹਾਲੇ ਵੀ ਬਾਕੀ ਹੈ।ਮੌਜ਼ੂਦਾ ਸਮੇਂ ਕਰੀਬ 9 ਬੰਦੀ ਸਿੰਘ 25-30 ਸਾਲ ਤੋਂ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ।ਜਿਨ੍ਹਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨੀ ਅਤੇ ਮਾਨਵੀ ਹੱਕ ਹੈ।ਇਸ ਦੇ ਨਾਲ ਹੀ ਆਗੂਆਂ ਨੇ ਪ੍ਰੋ: ਭੁੱਲਰ ਸਮੇਤ ਬਾਕੀ ਰਹਿੰਦੇ 9 ਸਿੱਖ ਸਿਆਸੀ ਕੈਦੀਆਂ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਸ਼ਮਸ਼ੇਰ ਸਿੰਘ ਸ਼ੇਰਾ, ਭਾਈ ਗੁਰਮੀਤ ਸਿੰਘ ਮੀਤਾ ਇੰਜੀਨੀਅਰ ਤੇ ਭਾਈ ਜਗਤਾਰ ਸਿੰਘ ਜੱਗੀ ਜੌਹਲ ਆਦਿ ਸਾਰੇ ਬੰਦੀ ਸਿੰਘਾਂ ਦੀ ਭਾਰਤੀ ਸੰਵਿਧਾਨ ਦੀ ਆਰਟੀਕਲ 72 ਅਧੀਨ ਤੁਰੰਤ ਰਿਹਾਈ ਕਰਨ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ ਨਾ ਲਿਆ ਤਾਂ ਉਨ੍ਹਾਂ ਦੇ ਉਮੀਦਵਾਰਾਂ ਦੇ ਘਿਰਾਓ ਸ਼ੁਰੂ ਕਰਨ ਲਈ ਫ਼ੈਸਲਾ ਵੱਖਰੇ ਤੌਰ ’ਤੇ ਲਿਆ ਜਾਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media