Sunday, April 12, 2026

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਸਖਤ ਆਲੋਚਨਾ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਦਿੱਲੀ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਪਾਸੋਂ ਦਖ਼ਲ ਦੀ ਮੰਗ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਬਿਲਕੁਲ ਸਾਹਮਣੇ ਆ ਚੁੱਕਾ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਿਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜ਼ੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪਾ ਰਹੀ।ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੱਕ ਵੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ।ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਵੀ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰੋ. ਭੁੱਲਰ ਦੇ ਨਾਲ-ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਰ ਸਿੱਖ ਬੰਦੀ ਨੂੰ ਰਿਹਾਅ ਕੀਤਾ ਜਾਵੇ।
                  ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਸੁਖਬੀਰ ਸਿੰਘ, ਨਿਰਵੈਲ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਸ਼ਾਹਬਾਜ਼ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …