ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – 73ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ
ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਵੀ ਉਨ੍ਹਾਂ ਦੇ ਨਾਲ ਸਨ।ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਖਹਿਰਾ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ।
ਉਨਾਂ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ ਜਨਰਲ ਅਮਰਿੰਦਰ ਸਿੰਘ ਟਿਵਾਣਾ, ਜਿਲ੍ਹਾ ਮਾਲ ਅਫ਼ਸਰ ਅਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media