ਸੰਗਤ ਵਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ, 26 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜ਼ਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …