Tuesday, March 3, 2026

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਭਾਰਤ -ਰੰਧਾਵਾ

ਗਣਤੰਤਰ ਦਿਵਸ ਮੌਕੇ ਭਾਵੁਕ ਭਾਸ਼ਣ ਵਿਚ ਸ਼ਹੀਦਾਂ ਨੂੰ ਯਾਦ ਕੀਤਾ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗਣਤੰਤਰ ਦਿਵਸ ‘ਤੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ।ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦੇ ਰੰਧਾਵਾ ਨੇ ਕਿਹਾ ਕਿ ਜਿੱਥੇ ਮੇਰੇ ਦੇਸ਼ ਦੇ ਜਵਾਨ, ਜਿਸ ਵਿਚ ਫੌਜ, ਪੈਰਾ ਮਿਲਟਰੀ ਫੋਰਸ ਤੇ ਪੁਲਿਸ ਦੇ ਜਵਾਨ ਸ਼ਾਮਿਲ ਹਨ, ਨੇ ਦੇਸ਼ ਉਤੇ ਅੰਦਰੋਂ ਤੇ ਬਾਹਰੋਂ ਆਏ ਹਰ ਦੁਸ਼ਮਣ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ, ਉਥੇ ਸਾਡੇ ਕਿਸਾਨਾਂ ਨੇ ਦੇਸ਼ ਦੇ ਅੰਨ-ਭੰਡਾਰ ਭਰੇ ਹਨ।ਉਨਾਂ ਕਿਹਾ ਕਿ ਕਿਸੇ ਸਮੇਂ ਦੇਸ਼ ਨੂੰ ਅੰਨ ਲਈ ਬਾਹਰ ਦੇ ਮੁਲਕਾਂ ਅੱਗੇ ਹੱਥ ਫੈਲਾਣਾ ਪੈਂਦਾ ਸੀ, ਪਰ ਸਾਡੇ ਕਿਸਾਨਾਂ ਨੇ ਜੋ ਕਿ ਗਿਣਤੀ ਵਿਚ ਸਿਰਫ 2 ਫੀਸਦੀ ਹੀ ਹਨ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਵਾਸੀਆਂ ਦਾ ਪੇਟ ਭਰਿਆ ਹੈ।
                 ਉਨਾਂ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ।ਉਨਾਂ ਕਿਹਾ ਕਿ ਗੁਰੂ ਨਗਰੀ ਨੇ ਵੱਡੇ ਸਾਕੇ ਆਪਣੀ ਹਿੱਕ ‘ਤੇ ਹੰਢਾਏ ਹਨ, ਜਿੰਨਾ ਦੀ ਬਦੌਲਤ ਅੱਜ ਦਾ ਦਿਨ ਵੇਖਣਾ ਨਸੀਬ ਹੋਇਆ ਹੈ।ਉਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਗੁਰੂ ਨਗਰੀ ਵਿਚ ਮੈਨੂੰ ਤਿਰੰਗਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ।
                ਮੁੱਖ ਮਹਿਮਾਨ ਵਲੋਂ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਨੂੰ ਵਧੀਆ ਪਰੇਡ ਲਈ ਮੋਮੈਂਟੋ ਦੇ ਕੇ ਸਨਮਾਨਤ ਕੀਤਾ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੁੱਖ ਮਹਿਮਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।
                    ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜ਼ਿਲਾ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਸਹਾਇਕ ਕਮਿਸ਼ਨਰ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਰਾਜੇਸ਼ ਸ਼ਰਮਾ, ਐਸ.ਡੀ.ਐਮ ਸ੍ਰੀਮਤੀ ਦਮਨਦੀਪ ਕੌਰ, ਜਿਲ੍ਹਾ ਮਾਲ ਅਧਿਕਾਰੀ ਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …