ਮੁੱਲ ਦੀ ਖ਼ਬਰ ਛਪਵਾਉਣ ‘ਤੇ ਹੋਵੇਗੀ ਸਖ਼ਤ ਕਾਰਵਾਈ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀਆਂ ਹਦਾਇਤਾਂ ‘ਤੇ ਜਿਲ੍ਹੇ ਦੇ 11 ਵਿਧਾਨ
ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਉਤੇ ਬਣਾਈ ਗਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੇ ਦਫ਼ਤਰ ਦਾ ਬੀਤੀ ਰਾਤ ਚੋਣ ਕਮਿਸ਼ਨ ਵਲੋਂ ਨਿਯੁੱਕਤ ਕੀਤੇ ਗਏ ਚੋਣ ਨਿਗਰਾਨਾਂ ਨੇ ਅਚਨਚੇਤ ਦੌਰਾ ਕੀਤਾ ਅਤੇ ਉਥੇ ਕੀਤੇ ਜਾ ਰਹੇ ਕੰਮ ਦੀ ਪੜਤਾਲ ਕੀਤੀ।ਜਿਲ੍ਹਾ ਚੋਣ ਅਫ਼ਸਰ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐਸ.ਐਸ.ਪੀ ਦਿਹਾਤੀ ਦੀਪਕ ਹਿਲੌਰੀ ਅਤੇ ਐਸ.ਡੀ.ਐਮ ਰਾਜੇਸ਼ ਸ਼ਰਮਾ ਵੀ ਉਨਾਂ ਦੇ ਨਾਲ ਸਨ।
ਚੋਣ ਨਿਗਰਾਨ ਅਧਿਕਾਰੀ ਸੰਭੂ ਕੁਮਾਰ ਨੇ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ.ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸ ਦੇ ਚੋਣ ਖਰਚੇ ਵਿੱਚ ਸ਼ਾਮਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ।ਉਨਾਂ ਦੱਸਿਆ ਕਿ ਇਸ਼ਤਹਾਰ ਦੇਣ ਲਈ ਐਮ.ਸੀ.ਐਮ.ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ।ਉਨਾਂ ਕਿਹਾ ਕਿ ਇਸ਼ਤਿਹਾਰ ਦੇ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਜਰੂਰੀ ਹੈ।ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171 ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ਼ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚੱ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ।
ਚੋਣ ਨਿਗਰਾਨ ਖਰਚਾ ਰਾਜੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ‘ਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਲ ਕਰਕੇ ਪ੍ਰਕਾਸ਼ਿਤ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।
ਜਿਲ੍ਹਾ ਚੋਣ ਅਫ਼ਸਰ ਖਹਿਰਾ ਨੇ ਦੱਸਿਆ ਕਿ ਸਾਰੇ ਚੋਣ ਨਿਗਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੈਸਟ ਹਾਉਸ ਵਿਖੇ ਠਹਿਰੇ ਹੋਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਲੋੜ ਲਈ ਇਨਾਂ ਨੂੰ ਰੋਜ਼ਾਨਾ ਸਵੇਰੇ 9:30 ਤੋਂ ਸਵੇਰੇ 10:30 ਵਜੇ ਤੱਕ ਮਿਲਿਆ ਜਾ ਸਕਦਾ ਹੈ।
Punjab Post Daily Online Newspaper & Print Media