Monday, November 23, 2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਦੂਜੇ ਰਾਜਾਂ ਤੋਂ ਆਏ ਵਿਅਕਤੀਆਂ ਉਪਰ ਕਰੜੀ ਨਿਗਰਾਨੀ ਦੇ ਹੁਕਮ

ਰਿਟਰਨਿੰਗ ਅਫ਼ਸਰਾਂ ਨੂੰ ਸੂਚੀਆਂ ਬਣਾਉਣ ਦੇ ਨਿਰਦੇਸ਼

ਕਪੂਰਥਲਾ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਦੇ ਰਿਟਰਨਿੰਗ ਅਫ਼ਸਰਾਂ ਅਤੇ ਡੀ.ਐਸ.ਪੀ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਸ਼ਾਂਤੀਪੂਰਵਕ ਚੋਣਾਂ ਯਕੀਨੀ ਬਣਾਉਣ ਲਈ ਦੂਜੇ ਰਾਜਾਂ ਤੋਂ ਆ ਰਹੇ ਜਾਂ ਪਿਛਲੇ ਕੁੱਝ ਸਮੇਂ ਦੌਰਾਨ ਆਏ ਲੋਕਾਂ ਉਪਰ ਕਰੜੀ ਨਿਗਰਾਨੀ ਰੱਖਣ।
                 ਅੱਜ ਰਿਟਰਨਿੰਗ ਅਫ਼ਸਰਾਂ, ਪੁਲਿਸ ਅਧਿਕਾਰੀਆਂ ਅਤੋ ਨੋਡਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਆਏ ਵਿਅਕਤੀਆਂ ਦੀਆਂ ਸੂਚੀਆਂ ਤਿਆਰ ਕੀਤੀਆ ਜਾਣ।
                  ਉਨ੍ਹਾਂ ਸਟੈਟਿਕ ਸਰਵੀਲੈਂਸ ਟੀਮਾਂ ਅਤੇ ਉਡਣ ਦਸਤਿਆਂ ਦੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਗਸ਼ਤ ਵਿਚ ਤੇਜ਼ੀ ਲਿਆਉਣ ਅਤੇ ਸਥਾਈ ਨਾਕਿਆਂ ਉੱਪਰ ਵਾਹਨਾਂ ਦੀ ਜਾਂਚ ਨੂੰ ਵਧਾਇਆ ਜਾਵੇ।
                 ਐਸ.ਪੀ ਮਨਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਉਪਰੰਤ 9 ਲੱਖ 35 ਹਜ਼ਾਰ ਰੁਪਏ ਦੀ ਅਣਅਧਿਕਾਰਤ ਰਾਸ਼ੀ ਬਰਾਮਦ ਕੀਤੀ ਜਾ ਚੁੱਕੀ ਹੈ।ਜਿਸ ਵਿਚੋਂ 3 ਲੱਖ ਰੁਪਏ ਢਿੱਲਵਾਂ ਅਤੇ 6.16 ਲੱਖ ਰੁਪਏ ਫ਼ਗਵਾੜਾ ਵਿਖੇ ਬਰਾਮਦ ਕੀਤੇ ਹਨ।
           ਜ਼ਿਲ੍ਹਾ ਚੋਣ ਅਫ਼ਸਰ ਨੇ ਰਿਟਰਨਿੰਗ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ 80 ਸਾਲ ਤੋਂ ਉਪਰ ਦੇ ਵੋਟਰਾਂ ਅਤੇ ਸਰੀਰਕ ਤੌਰ ‘ਤੇ ਅਸਮਰੱਥ ਵੋਟਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਦੀ ਸਹੂਲਤ ਦੇਣ ਲਈ 12-ਡੀ ਫ਼ਾਰਮਾਂ ਦੀ ਵੰਡ ਦਾ ਕੰਮ ਜਲਦ ਮੁਕੰਮਲ ਕਰਨ।
               ਇਸ ਤੋਂ ਇਲਾਵਾ ਉਨ੍ਹਾਂ ਵਿਰਸਾ ਵਿਹਾਰ ਵਿਖੇ ਸਥਾਪਿਤ ਗਿਣਤੀ ਕੇਂਦਰਾਂ ਵਿਚ ਸੀ.ਸੀ.ਟੀ.ਵੀ ਲਗਾਉਣ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕਰਨਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …