ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ – ਜ਼ਿਲਾ ਤੇ ਸ਼ੈਸ਼ਨ ਜੱਜ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਅਪੀਲ ਕਰਦਿਆਂ ਕਿਹਾ ਹੈ ਕਿ 12 ਮਾਰਚ 2022 ਨੂੰ
ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇਂ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ ਕੇਸ, ਬੈਂਕਾਂ ਦੇ ਕੇਸ, ਫਾਈਨਾਂਸ ਕੰਪਨੀਆਂ-ਬੀਮਾ ਕੰਪਨੀਆਂ, ਮੋਟਰ ਦੁਰਘਟਨਾ ਆਦਿ ਦੇ ਕੇਸ ਲਗਾਏ ਜਾ ਸਕਦੇ ਹਨ।ਉਨਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰੱਖਿਆ ਜਾ ਸਕਦਾ ਹੈ।
ਸਿਵਲ ਜੱਜ-ਕਮ-ਸਕੱਤਰ ਜ਼ਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜਿਲਾ ਕਚਿਹਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ।
Punjab Post Daily Online Newspaper & Print Media