Friday, November 22, 2024

ਦੋਵੇਂ ਸੀਟਾਂ ਤੋਂ ਹਾਰ ਰਹੇ ਹਨ ਚੰਨੀ -ਅਰਵਿੰਦ ਕੇਜਰੀਵਾਲ

‘ਆਪ‘ ਪੰਜਾਬ ਨੂੰ ਦੇਵੇਗੀ ਸਥਿਰ ਤੇ ਇਮਾਨਦਾਰ ਸਰਕਾਰ – ਭਗਵੰਤ ਮਾਨ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜ਼ਰੀਵਾਲ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਉਨਾਂ ਨੇ ਕਿਹਾ ਕਿ ਅਸੀਂ ਤਿੰਨ ਵਾਰ ਸਰਵੇਖਣ ਕਰਵਾ ਚੁੱਕੇ ਹਾਂ।ਤਿੰਨੋਂ ਸਰਵੇਖਣਾਂ ਵਿੱਚ ਆਮ ਆਦਮੀ ਪਾਰਟੀ ਦੋਵਾਂ ਥਾਵਾਂ ’ਤੇ ਬਹੁਤ ਮੋਹਰੀ ਰਹੀ।ਸਰਵੇ ਮੁਤਾਬਕ ਚਮਕੌਰ ਸਾਹਿਬ ਵਿੱਚ ਚੰਨੀ ਨੂੰ 35 ਫ਼ੀਸਦੀ ਲੋਕਾਂ ਨੇ ਪਸੰਦ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ 52 ਫੀਸਦੀ ਲੋਕਾਂ ਨੇ ਚੁਣਿਆ।ਦੂਜੇ ਪਾਸੇ ਚੰਨੀ ਦੀ ਦੂਜੀ ਸੀਟ ਭਦੌੜ ‘ਚ ‘ਆਪ‘ ਉਮੀਦਵਾਰ ਨੂੰ 48 ਫੀਸਦੀ ਲੋਕਾਂ ਨੇ ਪਸੰਦ ਕੀਤਾ, ਜਦਕਿ ਚੰਨੀ ਨੂੰ ਸਿਰਫ 30 ਫੀਸਦੀ ਲੋਕਾਂ ਨੇ ਪਸੰਦ ਕੀਤਾ।
              ਅੱਜ ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜ਼ਰੀਵਾਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਬਣ ਕੇ ਰਹਿ ਜਾਣਗੇ, ਕਿਉਂਕਿ ਜਦੋਂ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਮੁੱਖ ਮੰਤਰੀ ਕਿਵੇਂ ਬਣਨਗੇ।ਉਨਾਂ ਕਿਹਾ ਕਿ ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਪੰਜਾਬ ਕਾਂਗਰਸ ਦੇ ਨੇਤਾ ਕੁਰਸੀ ਲਈ ਲਗਾਤਾਰ ਆਪਸ ਵਿੱਚ ਲੜ ਰਹੇ ਹਨ ਅਤੇ ਇੱਕ ਦੂਜੇ ‘ਤੇ ਦੂਸ਼ਣਬਾਜੀ ਦਾ ਚਿੱਕੜ ਸੁੱਟ ਰਹੇ ਹਨ।ਅਸੀਂ ਆਪਣੇ ਨੇਤਾਵਾਂ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਵਿਕਾਸ ਲਈ ਅਗਲੇ ਪੰਜ ਸਾਲਾਂ ਲਈ ਯੋਜਨਾਵਾਂ ਉਲੀਕ ਰਹੇ ਹਾਂ।ਕਾਂਗਰਸ ਪਾਰਟੀ ਇੱਕ ਸਰਕਸ ਬਣ ਗਈ ਹੈ।
                   ‘ਆਪ‘ ਪੰਜਾਬ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਪਾਰਟੀ ਦੇ ਨੇਤਾ ਇਕੱਠੇ ਰਲਕੇ ਚੋਣ ਨਹੀਂ ਲੜ ਸਕਦੇ, ਉਹ ਪੰਜਾਬ ਨੂੰ ਚੰਗਾ ਭਵਿੱਖ ਕੀ ਦੇਣਗੇ। ਮਾਨ ਨੇ ਕਿਹਾ ਕਿ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ‘ਤੇ ਦੋਸ਼ ਲਗਾਏ ਹਨ ਕਿ ਉਹ (ਮਨਪ੍ਰੀਤ ਬਾਦਲ) ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਆਪਣੇ ਪਤੀ ਕੈਪਟਨ ਦੇ ਲਈ ਕਾਂਗਰਸ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰ ਰਹੀ ਹੈ।ਮੁੱਖ ਮੰਤਰੀ ਚੰਨੀ ਦਾ ਭਰਾ ਕਾਂਗਰਸੀ ਉਮੀਦਵਾਰ ਵਿਰੁੱਧ ਚੋਣ ਲੜ ਰਿਹਾ ਹੈ ਅਤੇ ਉਸ ਨੂੰ ਅੰਦਰੋਂ ਚੰਨੀ ਦਾ ਪੂਰਾ ਸਮਰਥਨ ਹੈ।ਕਾਂਗਰਸ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਚੋਣ ਲੜ ਰਿਹਾ ਹੈ ਅਤੇ ਉਸ ਲਈ ਰਾਣਾ ਗੁਰਜੀਤ ਕਾਂਗਰਸੀ ਉਮੀਦਵਾਰ ਵਿਰੁੱਧ ਚੋਣ ਪ੍ਰਚਾਰ ਕਰ ਰਹੇ ਹਨ।
                ਕੁਰਸੀ ਲਈ ਦਿਨ-ਰਾਤ ਲੜਨ ਵਾਲੀ ਕਾਂਗਰਸ ਪਾਰਟੀ ਪੰਜਾਬ ਨੂੰ ਸਥਿਰ ਸਰਕਾਰ ਨਹੀਂ ਦੇ ਸਕਦੀ।ਸੱਤਾ ਵਿੱਚ ਆਉਣ ਤੋਂ ਬਾਅਦ ਵੀ ਉਹ ਕੁਰਸੀ ਲਈ ਇਸੇ ਤਰ੍ਹਾਂ ਲੜਦੇ ਰਹਿਣਗੇ।ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਪੰਜਾਬ ਦੇ ਭਵਿੱਖ ਨੂੰ ਖਤਰੇ ਵਿੱਚ ਪਾਉਣਾ ਹੈ। ਮਾਨ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਸੂਬੇ ਦੇ ਸਾਰੇ ਨੇਤਾ ਮਿਲ ਕੇ ਪੰਜਾਬ ਦੇ ਬਿਹਤਰ ਭਵਿੱਖ ਲਈ ਸਖਤ ਮਿਹਨਤ ਕਰ ਰਹੇ ਹਨ।ਆਮ ਆਦਮੀ ਪਾਰਟੀ ਪੰਜਾਬ ਨੂੰ ਸਥਿਰ, ਮਜ਼ਬੂਤ ਅਤੇ ਇਮਾਨਦਾਰ ਸਰਕਾਰ ਦੇਵੇਗੀ ਅਤੇ ਸੂਬੇ ਨੂੰ ਮੁੜ ਤੋਂ ਪਹਿਲਾਂ ਦੀ ਤਰ੍ਹਾਂ ਖੁਸ਼ਹਾਲ ਬਣਾਏਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …