ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖਾਲਸਾ ਕਾਲਜ
ਗਰਲਜ਼ ਸੀ: ਸੈ: ਸਕੂਲ ਵਿਖੇ ਅੰਤਰ ਰਾਸ਼ਟਰੀ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣਾ ਵੱਡਮੁਲਾ ਯੋਗਦਾਨ ਪਾਇਆ।
ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬੀ ਬੋਲਣ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਰੋਜ਼ਾਨਾ ਜਿੰਦਗੀ ’ਚੋਂ ਗਾਇਬ ਹੁੰਦੀ ਜਾ ਰਹੀ ਹੈ ਅਤੇ ਇਹ ਨੌਜਵਾਨ ਪੀੜੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਵਿਵਹਾਰਿਕ ਜ਼ਿੰਦਗੀ ’ਚ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ।ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਿੱਤ ਕਰਨ ਸੰਬੰਧੀ ਅਹਿਦ ਵੀ ਕੀਤਾ।ਇਸ ਪ੍ਰੋਗਰਾਮ ਦਾ ਆਯੋਜਨ ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਅਮਨਦੀਪ ਕੌਰ ਅਤੇ ਮਨਯੋਗਿਤਾ ਦੀ ਯੋਗ ਅਗਵਾਈ ’ਚ ਕੀਤਾ ਗਿਆ।ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
ਇਸੇ ਤਰ੍ਹਾਂ ਸਕੂਲ ਪ੍ਰਿੰ: ਨਾਗਪਾਲ ਵਲੋਂ ਸਮੂਹ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਪਣੇ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਆਪਣੀ ਮਾਤ ਭਾਸ਼ਾ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚੇ ਇਸ ਤਰੀਕੇ ਨਾਲ ਆਪਣੀ ਮਾਤ ਭਾਸ਼ਾ ਤੋਂ ਦੂਰ ਜਾ ਰਹੇ ਹਨ ਕਿ ਅੱਜ ਸਾਨੂੰ ਇੰਨ੍ਹਾਂ ਦਿਨਾਂ ਨੂੰ ਇਕ ਦਿਵਸ ਦੇ ਰੂਪ ’ਚ ਮਨਾਉਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਸਮੂਹ ਭਾਸ਼ਾਵਾਂ ਸਤਿਕਾਰਯੋਗ ਹਨ ਅਤੇ ਵਿਦੇਸ਼ਾਂ ’ਚ ਜਾਣ ਸਮੇਂ ਸਾਨੂੰ ਆਪਣੀ ਮਾਂ ਬੋਲੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦਾ ਵੀ ਗਿਆਨ ਹੋਣਾ ਲਾਜ਼ਮੀ ਹੈ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਪਰਿਵਾਰ, ਸਮਾਜ ਅਤੇ ਦੇਸ਼ ਨੰੂ ਇਕਜੁੱਟ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਮਾਂ ਬੋਲੀ ਪੰਜਾਬੀ ਤੋਂ ਇਲਾਵਾ ਹਿੰਦੀ ਅਤੇ ਹੋਰਨਾਂ ਦੂਜੀਆਂ ਵਿਦੇਸ਼ੀਆਂ ਭਾਸ਼ਾਵਾਂ ਸਿੱਖਣੀਆਂ ਅਤੇ ਪੜ੍ਹਣੀਆਂ ਚਾਹੀਦੀਆਂ ਹਨ ਕਿਉਂਕਿ ਜਿੰਨ੍ਹੀਆਂ ਜਿਆਦਾ ਭਾਸ਼ਾਵਾਂ ਬਾਰੇ ਇਨਸਾਨ ਨੂੰ ਗਿਆਨ ਹੋਵੇ ਉਨ੍ਹਾਂ ਹੀ ਉਸ ਲਈ ਲਾਭਦਾਇਕ ਹੈ।ਅਜੋਕੇ ਸਮੇਂ ’ਚ ਪੰਜਾਬੀ ਭਾਸ਼ਾ ਦੀ ਹੋਂਦ ਤਾਂ ਹੀ ਬਰਕਰਾਰ ਰਹਿ ਸਕਦੀ ਹੈ, ਜੇਕਰ ਇਸ ਦਾ ਹਰੇਕ ਦਾਇਰੇ ’ਚ ਪ੍ਰਸਾਰ ਹੋਵੇ। ਇਸ ਸਬੰਧ ’ਚ ਸਕੂਲ ਵਿਦਿਆਰਥਣਾਂ ਨੇ ਕਵਿਤਾਵਾਂ, ਭਾਸ਼ਣ ਅਤੇ ਸਕਿੱਟ ਰਾਹੀਂ ਹੋਰਨਾਂ ਵਿਦਿਆਰਥਣਾਂ ਨੂੰ ਮਾਤ ਭਾਸ਼ਾ ਤੋਂ ਜਾਣੂ ਕਰਵਾਇਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media