Thursday, November 21, 2024

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ

17 ਮਹੀਨਿਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਲਈ ਕੇਜ਼ਰੀਵਾਲ ਸਰਕਾਰ ਜਿੰਮੇਵਾਰ – ਜੀ.ਕੇ

ਨਵੀਂ ਦਿੱਲੀ, 5 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ) ਵਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਦਿੱਲੀ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸਨ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਭਾਈ ਭੁੱਲਰ ਦੀ ਰਿਹਾਈ ਦੀ ਮੰਗ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਸਨ।ਦਿੱਲੀ ਵਿਧਾਨ ਸਭਾ ਭਵਨ ਦੇ ਬਾਹਰ ਬੋਲਦਿਆਂ ਜੀ.ਕੇ ਨੇ ਕਿਹਾ ਉਨਾਂ ਦੇ ਪਿੱਛੇ ਤਿਰੰਗਾ ਝੰਡਾ ਲਹਿਰਾ ਰਿਹਾ ਹੈ ਅਤੇ ਕੇਜਰੀਵਾਲ ਸਰਕਾਰ ਇੱਥੇ ਬੈਠ ਕੇ ਕਾਨੂੰਨ ਬਣਾਉਂਦੀ ਹੈ।ਪਰ ਜਿਸ ਤਰੀਕੇ ਨਾਲ ਕੇਜਰੀਵਾਲ ਸਰਕਾਰ ਸਮੁੱਚੀ ਸੰਵਿਧਾਨਕ ਵਿਵਸਥਾ ਨੂੰ ਛਿੱਕੇ ਟੰਗ ਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਉਮਰ ਭਰ ਲਈ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ, ਉਹ ਠੀਕ ਨਹੀਂ ਹੈ।ਉਨਾਂ ਕਿਹਾ ਕਿ ਭਾਈ ਭੁੱਲਰ ਦੀ ਰਿਹਾਈ ਕਿਸੇ ਵੀ ਹਾਲਤ `ਚ ਕਰਵਾਈ ਜਾਵੇਗੀ।ਜੀ.ਕੇ ਨੇ ਦਾਅਵਾ ਕੀਤਾ ਕਿ ਭਾਈ ਭੁੱਲਰ ਨੇ ਦੋ ਉਮਰ ਕੈਦ ਦੀ ਸਜ਼ਾ ਬਰਾਬਰ ਸਜ਼ਾਵਾਂ ਕੱਟੀਆਂ ਹਨ, ਇਹ ਸਿੱਧੇ ਤੌਰ `ਤੇ ਕੇਂਦਰ ਸਰਕਾਰ ਵਲੋਂ ਅਕਤੂਬਰ 2019 ਦੇ ਰਿਹਾਈ ਹੁਕਮਾਂ ਤੋਂ ਬਾਅਦ ਦਿੱਲੀ ਸਰਕਾਰ ਦੀ ਨਾਲਾਇਕੀ ਕਾਰਨ ਭਾਈ ਭੁੱਲਰ ਦੀ 17 ਮਹੀਨਿਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਦਾ ਮਾਮਲਾ ਬਣਦਾ ਹੈ। ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਸਿਹਤ ਲਈ ਠੀਕ ਨਹੀਂ ਹੈ।
                ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਖੀਵਾ, ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂੂਆਂ ਡਾ: ਪਰਮਿੰਦਰ ਪਾਲ ਸਿੰਘ, ਅਵਤਾਰ ਸਿੰਘ ਕਾਲਕਾ, ਦਲਜੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੇ ਸਜ਼ਾ ਸਮੀਖਿਆ ਬੋਰਡ ਦੇ ਇਸ ਫੈਸਲੇ ਦਾ ਵਿਰੋਧ ਕਰਨਾ ਸਾਡੀ ਮਜ਼ਬੂਰੀ ਹੈ, ਕਿਉਂਕਿ ਇਹ ਕੈਦੀਆਂ ਦੇ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।ਕੇਜਰੀਵਾਲ ਦੀ ਲਿਖੀ ਕਿਤਾਬ ‘ਸਵਰਾਜ’ ਦੀ ਕਾਪੀ ਵੀ ਸਾੜੀ ਗਈ।
               ਇਸ ਮੌਕੇ ਦਿੱਲੀ ਕਮੇਟੀ ਮੈਂਬਰ ਮਹਿੰਦਰ ਸਿੰਘ, ਰਿਹਾਈ ਮੋਰਚਾ ਦੇ ਅੰਤ੍ਰਿੰਗ ਬੋਰਡ ਮੈਂਬਰ ਇਕਬਾਲ ਸਿੰਘ, ਸੰਗਤ ਸਿੰਘ, ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਸਤਪਾਲ ਸਿੰਘ, ਜਾਗੋ ਪਾਰਟੀ ਦੇ ਆਗੂ ਰਣਬੀਰ ਸਿੰਘ ਭਾਟੀਆ, ਮੋਹਨ ਸਿੰਘ, ਬਲਬੀਰ ਸਿੰਘ, ਮਨਪ੍ਰੀਤ ਕੌਰ, ਜਤਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਰਾਜਾ, ਹਰਜੀਤ ਕੌਰ, ਸੁਖਮਨ ਸਿੰਘ, ਬਖਸ਼ੀਸ਼ ਸਿੰਘ, ਜਤਿੰਦਰ ਸਿੰਘ ਸਿਆਲੀ, ਸੁਖਦੇਵ ਸਿੰਘ ਆਦਿਕ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …