ਖੁਸ਼ਹਾਲੀ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ
ਸ੍ਰੀ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰੂ ਕੀ ਨਗਰੀ ਪਹੁੰਚੇ।ਦੋਨਾ ਆਗੂਆਂ ਨੇ ਪੰਜਾਬ ਚੋਣਾਂ ਵਿੱਚ ਜਿੱਤੇ 91 ਵਿਧਾਇਕਾਂ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ ਅਤੇ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।
ਐਤਵਾਰ ਨੂੰ ਸਵੇਰੇ ਅੰਮ੍ਰਿਤਸਰ ਪਹੁੰਚੇ ‘ਆਪ’ ਆਗੂ ਭਗਵੰਤ ਮਾਨ ਅਤੇ ਅਰਵਿੰਦ ਕੇਜ਼ਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੂੰ ਮਿਲੀ ਵੱਡੀ ਜਿੱਤ ਲਈ ਗੁਰੂ ਘਰ ਸ਼ੁਕਰਾਨਾ ਕੀਤਾ।ਉਨਾਂ ਨੇ ਪੰਜਾਬ ਨੂੰ ਮੁੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ।‘ਆਪ’ ਆਗੂਆਂ ਨੇ ਪੰਜਾਬ ਦੀ ਬਹੁਪੱਖੀ ਤਰੱਕੀ ਤੇ ਖੁਸ਼ਹਾਲੀ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜ਼ਰੀਵਾਲ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਸਿੱਧ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ’ਚ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਬਾਅਦ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਖੂਨ ਨਾਲ ਸੰਜ਼ਏ ਜੱਲਿਆਂ ਵਾਲਾ ਬਾਗ ਪਹੰੁਚੇ ਅਤੇ ਉਨਾਂ ਸ਼ਹੀਦੀ ਸਮਾਰਕ ’ਤੇ ਫੁੱਲ ਅਰਪਣ ਕਰਕੇ ਜੰਗੇ ਆਜ਼ਾਦੀ ਦੇ ਯੋਧਿਆਂ ਨੂੰ ਸਰਧਾਂਜਲੀ ਭੇਂਟ ਕੀਤੀ।ਆਗੂਆਂ ਨੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਅਤੇ ਇਨਕਲਾਬ ਦੀ ਲੋਅ ਨੂੰ ਹੋਰ ਬੁਲੰਦ ਕਰਨ ਦਾ ਅਹਿਦ ਲਿਆ।
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ਼ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ਼ ਵਿਧਾਇਕ ਰਾਘਵ ਚੱਢਾ, ਨਵੇਂ ਚੁਣੇ ਪਾਰਟੀ ਵਿਧਾਇਕ, ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।