Friday, May 1, 2026

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।
                     ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ ਨਵਾਂ ਵਰ੍ਹਾਂ 1 ਚੇਤ ਤੋਂ ਆਰੰਭ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ।
                   ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ।ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ।ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤੇ ਲਖਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …