Friday, December 27, 2024

ਭਾਰਤ ਸਰਕਾਰ ਸਿੱਖਾਂ ਸਮੇਤ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖੇ – ਐਡਵੋਕੇਟ ਧਾਮੀ

ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖਾਂ ਨੂੰ ਕਿਰਪਾਨ ਲਿਜਾਣ ਤੋਂ ਰੋਕਣ ਵਾਲੇ ਨੋਟੀਫਿਕੇਸ਼ਨ ‘ਚ ਭਾਰਤ ਸਰਕਾਰ ਵਲੋਂ ਸੋਧ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਸਮੇਤ ਡਿਊਟੀ ਕਰਨ ਤੋਂ ਰੋਕਣ ਵਾਲਾ ਆਦੇਸ਼ ਵਾਪਸ ਲੈ ਲਿਆ ਗਿਆ ਹੈ।ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਰ ਵਿਚ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਵਰਜਿਆ ਗਿਆ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਗਰਿਕ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨੂੰ 9 ਮਾਰਚ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਲਿਹਾਜ਼ਾ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਿਆ ਜਾਵੇ।ਭਾਰਤ ਸਰਕਾਰ ਵੱਲੋਂ ਜਾਰੀ ਸੋਧ ਆਦੇਸ਼ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਸਰਕੂਲਰ ਵਿਚ ਸੋਧ ਕਰਨਾ ਚੰਗੀ ਗੱਲ ਹੈ, ਪਰ ਅਜਿਹਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਭਾਰਤ ਸਰਕਾਰ ਨੂੰ ਜ਼ਰੂਰ ਸੋਚਣਾ ਚਾਹੀਦਾ ਸੀ।ਉਨ੍ਹਾਂ ਕਿਹਾ ਕਿ ਸਿੱਖ ਭਾਰਤ ਲਈ ਹਮੇਸ਼ਾਂ ਲੜ੍ਹਦੇ ਤੇ ਸ਼ਹੀਦੀਆਂ ਦਿੰਦੇ ਰਹੇ ਹਨ ਅਤੇ ਸਰਕਾਰਾਂ ਨੂੰ ਵੀ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦਾ ਸੱਭਿਆਚਾਰ ਸਿੱਖਾਂ ਦੀਆਂ ਕੁਰਬਾਨੀਆਂ ਕਰਕੇ ਹੀ ਸੰਜੀਵ ਹੈ।ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਅੱਗੇ ਤੋਂ ਇਹ ਖ਼ਿਆਲ ਰੱਖਿਆ ਜਾਵੇ ਕਿ ਸਿੱਖਾਂ ਸਮੇਤ ਕਿਸੇ ਵੀ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕਾਰਵਾਈ ਨਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਦੇਸ਼ ਅੰਦਰ ਵਸਦਾ ਹਰ ਨਾਗਰਿਕ ਧਾਰਮਿਕ ਅਜ਼ਾਦੀ ਦਾ ਅਧਿਕਾਰ ਰੱਖਦਾ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …