Wednesday, September 18, 2024

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ ਹੋਲਾ ਮਹੱਲਾ

ਹੋਲਾ ਮਹੱਲਾ ਖ਼ਾਲਸੇ ਦੀ ਵਿਲੱਖਣਤਾ ਦਾ ਪ੍ਰਤੀਕ – ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਨੰਦੇੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਤਖ਼ਤ ਅਬਚਲ ਨਗਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਖ਼ਾਲਸਾਈ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਪੰਥਕ ਸਰੋਕਾਰਾਂ ਲਈ ਦਮਦਮੀ ਟਕਸਾਲ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਪ੍ਰਸੰਸਾ ਕੀਤੀ ਅਤੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਿੱਖੀ ਪ੍ਰਚਾਰ ਅਤੇ ਗੁਰ ਅਸਥਾਨਾਂ ਦੀ ਸੇਵਾ ਸੰਭਾਲ ’ਚ ਹਰ ਤਰਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਉਨ੍ਹਾਂ ਪੰਜਾਬ ਦੇ ਸਿੱਖ ਨੌਜਵਾਨਾਂ ਦੀ ਵਿਦੇਸ਼ਾਂ ਵਿੱਚ ਪਲਾਇਨ ’ਤੇ ਰੋਕ ਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਿਦੇਸ਼ਾਂ ’ਚ ਵੱਸ ਰਹੇ ਸਿੱਖਾਂ ਨੂੰ ਪੰਜਾਬ ਵਿੱਚ ਪੂੰਜੀ ਨਿਵੇਸ਼ ਕਰਨ ਦੀ ਅਪੀਲ ਕੀਤੀ।
                 ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸਾਹਿਬ ਵਿਖੇ ਗੁਰਬਾਣੀ ਕਥਾ ਸਰਵਨ ਕਰਾਉਂਦਿਆਂ ਹੋਲੇ ਮਹੱਲੇ ਨੂੰ ਖ਼ਾਲਸੇ ਦੀ ਵਿਲੱਖਣਤਾ ਦਾ ਪ੍ਰਤੀਕ ਦੱਸਿਆ।ਉਨਾਂ ਨੇ ਹੋਲੇ ਮਹੱਲੇ ਦੇ ਇਤਿਹਾਸ ’ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਰਾਹੀਂ ਦਸਮ ਪਾਤਸ਼ਾਹ, ਸਾਹਿਬ-ਏ-ਕਮਾਲਿ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਭਾਰਤੀ ਲੋਕਾਈ `ਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਦਿਆਂ ਸਮੇਂ ਦੀ ਜਾਬਰ ਅਤੇ ਜ਼ਾਲਮ ਸਰਕਾਰ ਖਿਲਾਫ਼ ਸੰਘਰਸ਼਼ ਕਰਨ ਲਈ ਹੋਲੀ ਦੀ ਰਵਾਇਤੀ ਤਿਉਹਾਰ ਨੂੰ ਨਵਾਂ ਰੂਪ ਦੇ ਕ 1700 ਈਸਵੀ ਵਿੱਚ ਹੋਲਾ ਮਹੱਲਾ ਆਰੰਭ ਕੀਤਾ।ਕਲਗੀਧਰ ਪਿਤਾ ਵੱਲੋਂ ਲੋਕ ਮਨਾਂ ‘ਚ ਸਵੈਮਾਨ ਦੀ ਚੇਤਨਤਾ ਪੈਦਾ ਕਰਨ ਵਾਲਾ ਹੋਲਾ ਮਹੱਲਾ ਗ਼ੁਲਾਮ ਮਾਨਸਿਕਤਾ ਨੂੰ ਤਿਲਾਂਜਲੀ ਦਿੰਦਿਆਂ ਜ਼ਬਰ ਜ਼ੁਲਮ ਖਿਲਾਫ਼ ਸੰਘਰਸ਼ ਕਰਨ ਦਾ ਇੱਕ ਇਤਿਹਾਸਕ ਇਨਕਲਾਬੀ ਵਰਤਾਰਾ ਹੋ ਨਿਬੜਿਆ ਹੈ।ਦੱਖਣ ਦੇ ਗੁਰਸਿੱਖਾਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਨਾਂਦੇੜ ਦੇ ਨੌਜਵਾਨਾਂ ਨੇ ਸਿੱਖੀ ਸੰਭਾਲੀ ਹੋਈ ਹੈ, ਜਿਨ੍ਹਾਂ ਤੋਂ ਹਰੇਕ ਨੂੰ ਸੇਧ ਲੈਣ ਦੀ ਲੋੜ ਹੈ।
                  ਹੋਲਾ ਮਹੱਲਾ ਮਨਾ ਰਹੀਆਂ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਪੰਥ ਵਿਰੋਧੀ ਸ਼ਕਤੀਆਂ ਪ੍ਰਤੀ ਸੁਚੇਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਤੋਂ ਇਨ੍ਹਾਂ ਪੰਥ ਦੋਖੀਆਂ ਵਲੋਂ ਸਿੱਖ ਧਰਮ ਦੀਆਂ ਸਥਾਪਿਤ ਮੂਲ ਪਰੰਪਰਾਵਾਂ, ਗੁਰਮਤਿ ਸਿਧਾਂਤ, ਗੁਰ ਇਤਿਹਾਸ ਤੇ ਸਿੱਖ ਇਤਿਹਾਸ ਦੀਆਂ ਅਹਿਮ ਘਟਨਾਵਾਂ ਅਤੇ ਗੁਰ ਅਸਥਾਨਾਂ ਪ੍ਰਤੀ ਬੇਲੋੜੇ ਸ਼ੰਕੇ ਖੜੇ ਕੀਤੇ ਜਾ ਰਹੇ ਹਨ।ਉਨ੍ਹਾਂ ਸਿੱਖ ਕੌਮ ਦੇ ਸਿਧਾਂਤਾਂ ਦਾ ਨਿਰਾਦਰ ਕਰਨ ‘ਚ ਲੱਗੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਵੀ ਸਿੱਖ ਸੰਗਤ ਨੂੰ ਅਪੀਲ ਕੀਤੀ।ਉਨ੍ਹਾਂ ਅੰਮ੍ਰਿਤ ਸਰੋਵਰਾਂ ਦੀ ਮਹਿਮਾ ਦੱਸਦਿਆਂ ਇਨ੍ਹਾਂ ਪ੍ਰਤੀ ਕੂੜ ਪ੍ਰਚਾਰ ‘ਚ ਲੱਗੇ ਅਨਸਰਾਂ ਤੋਂ ਸੰਗਤ ਨੂੰ ਸੁਚੇਤ ਕੀਤਾ।ਉਨ੍ਹਾਂ ਅੰਮ੍ਰਿਤਧਾਰੀ ਹੋਣ ਅਤੇ ਨਸ਼ਿਆਂ ਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਕਿਹਾ।ਇਸ ਮੌਕੇ ਸਿੱਖ ਕੌਂਸਲ ਦੇ ਆਗੂ ਭਾਈ ਜਸਪਾਲ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …