ਸੰਗਰੂਰ, 29 ਮਾਰਚ (ਜਗਸੀਰ ਲੌਂਗਵਾਲ) – ਗਿਆਰਾਂ ਕੇੱਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਦੂਸਰੇ ਦਿਨ ਵੀ ਸੀਟੂ ਨਾਲ ਸੰਬੰਧਤ ਆਂਗਨਵਾੜੀ ਮੁਲਾਜ਼ਮ
ਯੂਨੀਅਨ ਮਨਰੇਗਾ ਮਜ਼ਦੂਰ ਯੂਨੀਅਨ, ਪੇਂਡੂ ਚੌਕੀਦਾਰਾਂ ਵਲੋਂ ਮੁਕੰਮਲ ਹੜਤਾਲ ਕਰਕੇ ਕੁਹਾੜਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਕੁਲਵੰਤ ਕੌਰ ਨੀਲੋਂ, ਰਣਜੀਤ ਕੌਰ ਲੱਧੜਾਂ, ਕਮਲਜੀਤ ਕੌਰ ਸਾਹਨੇਵਾਲ, ਸਿਕੰਦਰ ਬਖ਼ਸ਼ ਮੰਡ ਚੌਂਤਾ, ਹਰੀ ਰਾਮ ਭੱਟੀ, ਜਸਵੰਤ ਸਿੰਘ ਕੂੰਮਕਲਾਂ ਦੀ ਪ੍ਰਧਾਨਗੀ ਹੇਠ ਹੜਤਾਲੀ ਵਰਕਰਾਂ ਵਲੋਂ ਵਿਸ਼ਾਲ ਰੈਲੀ ਅਤੇ ਮਾਰਚ ਕੀਤਾ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਸੀਟੂ ਦੇ ਸੂਬਾ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਅਤੇ ਸੀਟੂ ਦੇ ਸੂਬਾ ਸਕੱਤਰ ਮਨਰੇਗਾ ਮਜ਼ਦੂਰ ਯੂਮੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਮੰਗ ਕੀਤੀ ਕਿ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ, ਨਿੱਜੀਕਰਨ ਬੰਦ ਕਰੋ, ਐਸਮਾ ਕਾਨੂੰਨ ਰੱਦ ਕਰੋ, ਸਿਹਤ ਸੁਰੱਖਿਆ, ਵਿਦਿਆ ਆਦਿ ਵਿੱਚ ਨਿਵੇਸ਼ ਵਧਾਉਣ, ਆਂਗਨਵਾੜੀ, ਮਿਡ-ਡੇ ਮੀਲ, ਆਸ਼ਾ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਸ਼ਾਮਲ ਕਰਕੇ 26000/- ਰੁਪਏ ਤਨਖਾਹ ਦਿੱਤੀ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ ਅਤੇ 750/- ਰੁਪਏ ਦਿਹਾੜੀ ਦਿੱਤੀ ਜਾਵੇ।ਉਨ੍ਹਾਂ ਮੰਗ ਕੀਤੀ ਕਿ ਆਮਦਨ ਟੈਕਸ ਦੇ ਘੇਰੇ ਤੋਂ ਬਾਹਰਲੇ ਹਰ ਪ੍ਰਤੀ ਜੀਅ ਲਈ 10 ਕਿਲੋ ਅਨਾਜ ਅਤੇ ਹਰ ਪਰਿਵਾਰ ਲਈ 7500/-ਰੁਪਏ ਪ੍ਰਤੀ ਮਹੀਨਾ ਨਗਦ ਭੁਗਤਾਨ ਕੀਤਾ ਜਾਵੇ।
ਸਾਥੀ ਅਮਰਨਾਥ ਕੂੰਮਕਲਾਂ ਨੇ ਐਲਾਨ ਕੀਤਾ ਕਿ ਪਿੰਡਾਂ ਵਿਚ ਮੋਦੀ ਸਰਕਾਰ ਵਲੋਂ ਜੋ ਪ੍ਰੀਪੇਡ ਮੀਟਰ ਲਗਾਉਣ ਦਾ ਫੈਸਲਾ ਕੀਤਾ ਹੈ ਸੀਟੂ ਉਸ ਦਾ ਡਟ ਕੇ ਵਿਰੋਧ ਕਰੇਗੀ ਅਤੇ ਸੀਟੂ ਪੰਜਾਬ ਭਰ ਵਿੱਚ ਪ੍ਰੀਪੇਡ ਮੀਟਰ ਲਗਾਉਣ ਦੇ ਵਿਰੋਧ ਵਿਚ ਲੋਕਾਂ ਨੂੰ ਲਾਮਬੰਦ ਕਰੇਗੀ ਅਤੇ ਪਿੰਡਾਂ ਵਿੱਚ ਪ੍ਰੀਪੇਡ ਮੀਟਰ ਨਹੀਂ ਲੱਗਣ ਦਿਆਂਗੇ।
ਧਰਨਾਕਾਰੀਆਂ ਨੂੰ ਭਰਾਤਰੀ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾਈ ਜਨਰਲ ਸਕੱਤਰ ਸਾਥੀ ਸਤਪਾਲ ਜੋਸ਼ੀਲ, ਸੂਬਾ ਪ੍ਰਧਾਨ ਦਿਲਬਾਗ ਸਿੰਘ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਬਲਾਕ ਸਾਥੀ ਦਰਸ਼ਨ ਸਿੰਘ ਬੌਂਦਲੀ, ਟੀ.ਐਸ.ਯੂ ਦੇ ਪ੍ਰਧਾਨ, ਸਾਥੀ ਭਰਪੂਰ ਸਿੰਘ, ਗਿਆਨ ਸਿੰਘ ਮੰਡ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਮੋਦੀ ਸਰਕਾਰ ਦੇ ਲੋਕ ਵਿਰੋਧੀ ਹਮਲਿਆਂ ਦਾ ਮੂੰਹਤੋੜ ਜਵਾਬ ਏਕਤਾ ਉਸਾਰ ਕੇ ਦਿੱਤਾ ਜਾਵੇਗਾ।
ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਗੁਰਦਿਆਲ ਸਿੰਘ ਝੁੰਗੀਆਂ ਕਾਦਰ, ਦਲਵਾਰਾ ਸਿੰਘ ਜੀਵਨਪੁਰ, ਬਲਵਿੰਦਰ ਸਿੰਘ ਜਿਲਾ ਪ੍ਰੀਸ਼ਦ ਮੈਂਬਰ ਨੇ ਵੀ ਸੰਬੋਧਨ ਕੀਤਾ।ਬਾਅਦ ਵਿਚ ਰੋਹ ਭਰਪੂਰ ਮੁਜ਼ਾਹਰਾ ਵੀ ਕੀਤਾ ਗਿਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media