ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ
ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਕਮੇਟੀ ਪ੍ਰਧਾਨ ਨੇ ਕਿਹਾ ਕਿ ਅਮਰੀਕਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ ਹੈ ਅਤੇ ਹਰ ਭਾਈਚਾਰੇ ਦੇ ਲੋਕਾਂ ਪ੍ਰਤੀ ਸਿੱਖਾਂ ਦੇ ਮਨ ਵਿਚ ਵੱਡਾ ਸਤਿਕਾਰ ਹੈ।ਮੁਸ਼ਕਲਾਂ ਸਮੇਂ ਵੀ ਸਿੱਖ ਗੁਰੂ ਘਰਾਂ ਤੋਂ ਲੋਕ ਭਲਾਈ ਦੀਆਂ ਸੇਵਾਵਾਂ ਨਿਭਾਉਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਸਰਬੱਤ ਦਾ ਭਲਾ ਚਾਹੁਣ ਵਾਲੇ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਵਿਦੇਸਾਂ ’ਚ ਸਿੱਖਾਂ ’ਤੇ ਨਸਲੀ ਹਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਇਥੋਂ ਤੱਕ ਕਿ ਜਨਰਲ ਇਜਲਾਸਾਂ ‘ਚ ਵੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ।ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਇਨ੍ਹਾਂ ਮਾਮਲਿਆਂ ਨੂੰ ਉਠਾਏ ਅਤੇ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media