Monday, September 14, 2026

ਸਰਕਾਰ ਹਰ ਆਮ ਆਦਮੀ ਤੱਕ ਪਹੁੰਚਾਏਗੀ ਨਾਗਰਿਕ ਸਹੂਲਤਾਂ – ਡਿਪਟੀ ਕਮਿਸ਼ਨਰ

ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਮਿਲ ਸਕਦੇ ਨੇ ਲੋਕ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸਾਸ਼ਨ ਆਮ ਆਦਮੀ ਨੂੰ ਨਾਗਰਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਦੁਆਰ ਤੱਕ ਹੀ ਮੁਹੱਈਆ ਕਰਵਾਉਣਗੇ ਅਤੇ ਪਿੰਡਾਂ ਦੇ ਪੰਚਾਇਤ ਘਰਾਂ ਵਿੱਚ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ।
              ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਆਪਣੀ ਪਲੇਠੀ ਮੀਟਿੰਗ ਕਰਨ ਉਪਰੰਤ ਕੀਤਾ।ਸੂਦਨ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਸਵਿਧਾ ਕੇਂਦਰਾਂ ਦਾ ਨਰੀਖਣ ਕਰਕੇ ਇਨ੍ਹਾਂ ਦੇ ਮੁੱਢਲੇ ਢਾਂਚੇ ਵਿੱਚ ਬਦਲਾਅ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੁਵਿਧਾ ਕੇਂਦਰਾਂ ਨੂੰ ਨਾਮ ਵਿੱਚ ਹੀ ਨਹੀਂ ਸਗੋਂ ਕੰਮ ਵਿੱਚ ਸੁਵਿਧਾਜਨਕ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇਗਾ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸਖਤ ਨਿਰਦੇਸ਼ ਹਨ ਕਿ ਨਸ਼ੇ ਨੂੰ ਠੱਲ ਪਾਉਣ ਲਈ ਸਖਤ ਕਾਰਵਾਈ ਆਰੰਭੀ ਜਾਵੇ ਅਤੇ ਜਿਹੜੇ ਲੋਕ ਨਸ਼ੇ ਤੋਂ ਪੀੜਤ ਹਨ ਦਾ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ਼ ਕੀਤਾ ਜਾਵੇ।ਇਸ ਕੰਮ ਲਈ ਜਿਲ੍ਹਾ ਪ੍ਰਸਾਸ਼ਨ ਤੇ ਸਿਹਤ ਵਿਭਾਗ ਵੱਲੋਂ ਸਾਰੇ ਓਟ ਕਲੀਨਿਕਾਂ ਦਾ ਨਰੀਖਣ ਕਰਨ ਉਪਰੰਤ ਇਨ੍ਹਾਂ ਦੀਆਂ ਕਮੀਆਂ ਨੂੰ ਪਹਿਲ ਦੇ ਅਧਾਰ ਤੇ ਦੂਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਗੁਰੂ ਕੀ ਨਗਰੀ ਵਿੱਚ ਲੋਕਾਂ ਦੀ ਸੇਵਾ ਕਰਨਗੇ।
             ਸੂਦਨ ਨੇ ਗੁਰੂ ਕੀ ਨਗਰੀ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਨਜਾਇਜ ਕਬਜ਼ੇ ਨਾ ਕਰਨ, ਕਿਉਂਕਿ ਇਸ ਨਾਲ ਯਾਤਰੂਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ।ਸੂਦਨ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਪ੍ਰਸਾਸ਼ਨ ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਘਰ ਬੈਠੇ ਹੀ ਗਰੀਵਨੈਂਸ ਰੀਡਰੈਸਰਲ ਪੋਰਟਲ ’ਤੇ ਆਨਲਾਈਨ ਸ਼ਿਕਾਇਤ ਦਰਜ਼ ਕਰ ਸਕਦੇ ਹਨ।ਸੂਦਨ ਨੇ ਕਿਹਾ ਕਿ ਉਹ ਰੋਜਾਨਾ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਆਮ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ।
                 ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੂਦਨ ਨੇ ਕਿਹਾ ਕਿ ਸਿਖਿਆ ਮਾਫੀਆ ਨੂੰ ਠੱਲ ਪਾਉਣ ਲਈ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਵੀ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ, ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਵੱਧ ਰਹੀਆਂ ਫੀਸਾਂ ਦੇ ਅਸੀਂ ਵੀ ਕੁੱਝ ਹੱਦ ਤੱਕ ਜਿੰਮੇਵਾਰ ਹਾਂ।ਅੱਜ ਦੇ ਸਮਾਰਟ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵੱਧ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰ ਰਹੇ ਹਨ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾ ਵਿੱਚ ਵਿਦਿਆ ਗ੍ਰਹਿਣ ਕਰਨ ਦੀ ਤਰਜ਼ੀਹ ਦੇਈਏ।ਡਿਪਟੀ ਕਮਿਸ਼ਨਰ ਨੇ ਸਖਤ ਲਹਿਜ਼ੇ ਵਿੱਚ ਕਿਹਾ ਕਿ ਕਿਸੇ ਵੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …