Tuesday, July 21, 2026

ਖਾਲਸਾ ਸਾਜਣਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਕੋਰੋਨਾ ਜਾਂਚ ਕੈਂਪ 9 ਤੇ 10 ਅਪ੍ਰੈਲ ਨੂੰ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਜੋ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।ਦੱਸਣਯੋਗ ਹੈ ਕਿ ਪਹਿਲਾਂ ਇਹ ਸਿੱਖ ਸ਼ਰਧਾਲੂਆਂ ਦਾ ਜਥਾ 11 ਅਪ੍ਰੈਲ ਤੋਂ 20 ਅਪ੍ਰੈਲ ਤੱਕ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣਾ ਸੀ, ਜਿਸ ਦੇ ਪ੍ਰੋਗਰਾਮ ਵਿਚ ਤਬਦੀਲੀ ਕੀਤੀ ਗਈ ਹੈ।
                ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਵੈਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।ਉਨ੍ਹਾ ਜਥੇ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ।14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ।15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ।ਇਸੇ ਦੌਰਾਨ 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ।ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣ ਦੇ ਨਾਲ-ਨਾਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜਰੂਰੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ।
                 ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 9 ਅਤੇ 10 ਅਪ੍ਰੈਲ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਜਾਵੇਗਾ।ਜਿਨ੍ਹਾਂ ਸ਼ਰਧਾਲੂਆਂ ਨੇ ਜਥੇ ਨਾਲ ਪਾਕਿਸਤਾਨ ਜਾਣਾ ਹੈ ਉਹ ਆਪਣਾ ਟੈਸਟ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਜੋ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 12 ਅਪ੍ਰੈਲ ਨੂੰ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਨਾਲ ਲੈ ਕੇ ਆਉਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …