Monday, December 23, 2024

ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ – ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਵਲੋਂ ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਅਨਾਜ ਮੰਡੀਆਂ ਦਾ ਦੌਰਾ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੁਆਰਾ ਕਣਕ ਦੀ ਸੁਚਾਰੂ ਖਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਹੀ ਸੁਚੱਜੀ ਖਰੀਦ ਪ੍ਰਕਿਰਿਆ ਲਈ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਅਧਿਕਾਰੀਆਂ ਵਲੋਂ ਇਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ।
                  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਸੁਚੱਜੇ ਪ੍ਰਬੰਧਾਂ ਦੇ ਚੱਲਦਿਆਂ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਸਮੇਂ ਸਿਰ ਅਦਾਇਗੀ, ਬਾਰਦਾਨੇ ਦੀ ਉਪਲੱਬਧਤਾ, ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦੀ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ, ਟਰਾਂਸਪੋਰਟੇਸ਼ਨ ਦੇ ਨਾਲ ਨਾਲ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਮੰਡੀਆਂ ਵਿੱਚ ਪੀਣ ਲਈ ਸਾਫ਼ ਪਾਣੀ, ਬੈਠਣ ਵਿਵਸਥਾ, ਲਾਈਟਾਂ, ਪਖਾਨਿਆਂ ਸਮੇਤ ਹੋਰ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।
            ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਵਾਰ 9 ਲੱਖ ਮੀਟ੍ਰਿਕ ਟਨ ਕਣਕ ਪੁੱਜਣ ਦੀ ਸੰਭਾਵਨਾ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਹਨ ਅਤੇ ਉਪ ਮੰਡਲ ਮੈਜਿਸਟਰੇਟ ਲਗਾਤਾਰ ਨਿਗਰਾਨੀ ਕਰ ਰਹੇ ਹਨ।ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਆੜ੍ਹਤੀਆਂ ਤੇ ਮਜ਼਼ਦੂਰਾਂ ਨਾਲ ਗੱਲਬਾਤ ਵੀ ਕੀਤੀ।
                 ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਦੇ ਨਾਲ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …