ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ
ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਵੇਈਂਪੂਈਂ, ਭੁਪਿੰਦਰ ਸਿੰਘ ਭਲਵਾਨ, ਬੀਬੀ ਜੋਗਿੰਦਰ ਕੌਰ, ਜਨਰਲ ਪ੍ਰਬੰਧਕ ਵਰਿੰਦਰ ਸਿੰਘ ਠਰੂ, ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਜਥੇ ਦੇ ਆਗੂ ਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਰਧਾਲੂਆਂ ਦੀ ਲਿਸਟ ਵੀਜ਼ੇ ਲਗਵਾਉਣ ਲਈ ਭੇਜੀ ਗਈ ਸੀ ਜਿਸ ਵਿਚੋਂ ਕੇਵਲ 705 ਸ਼ਰਧਾਲੂਆਂ ਨੂੰ ਹੀ ਵੀਜੇ ਮਿਲੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਦੇ ਮਨਾ ਅੰਦਰ ਤਾਂਘ ਹੁੰਦੀ ਹੈ, ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਜਥੇ ’ਚ ਸ਼ਾਮਲ ਸ਼ਰਧਾਲੂਆਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਵੀ ਕੀਤਾ।
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਤਜਿੰਦਰ ਸਿੰਘ ਪੱਡਾ, ਸੁਖਬੀਰ ਸਿੰਘ, ਨਿਰਵੈਲ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।
ਪਾਕਿਸਤਾਨ ਸਥਿਤ ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ
ਖਾਲਸਾ ਸਾਜਣਾ ਦਿਵਸ ਵੈਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਰਵਾਨਾ ਹੋਇਆ, ਇਹ ਜਥਾ 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰਨ ਉਪਰੰਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ।15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ। 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ।ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।
Punjab Post Daily Online Newspaper & Print Media