ਪੀੜ੍ਹਤ ਪਰਿਵਾਰ ਨੂੰ ਟਰੱਸਟ ਦੇਵੇਗਾ 3000 ਰੁਪਏ ਮਾਸਿਕ ਪੈਨਸ਼ਨ – ਡਾ. ਓਬਰਾਏ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਦੁਬਾਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਫਿਲੌਰ ਤਹਿਸੀਲ ਦੇ ਪਿੰਡ ਕਤਪਾਲੋਂ ਨਾਲ ਸਬੰਧਿਤ 40 ਸਾਲਾ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਐੱਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਜਗਤਾਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਢਾਈ ਮਹੀਨੇ ਪਹਿਲਾਂ ਦੁਬਈ ਆਇਆ ਸੀ।ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਤਾਰ ਨੂੰ ਭੇਜਣ ਵਾਲੇ ਏਜੰਟ ਨੇ ਧੋਖਾ ਕਰਦਿਆਂ ਉਸ ਨੂੰ ਕੰਪਨੀ ਦਾ ਵੀਜ਼ਾ ਕਹਿ ਕੇ ਵਿਜ਼ਟਰ ਵੀਜ਼ੇ `ਤੇ ਹੀ ਦੁਬਈ ਭੇਜ ਦਿੱਤਾ ਸੀ। ਦੁਬਈ ਜਾ ਕੇ ਕੋਈ ਕੰਮਕਾਰ ਨਾ ਮਿਲਣ ਕਾਰਨ ਉਸ ਨੂੰ ਦੋ ਵੇਲਿਆਂ ਦੀ ਰੋਟੀ ਵੀ ਨਸੀਬ ਨਹੀਂ ਸੀ ਹੁੰਦੀ।ਜਗਤਾਰ ਕੋਈ ਕੰਮ ਨਾ ਮਿਲਣ ਤੇ ਵਿਜ਼ਟਰ ਵੀਜ਼ਾ ਵੀ ਖਤਮ ਹੋਣ ਕਾਰਨ ਬਹੁਤ ਪ੍ਰੇਸ਼ਾਨ ਸੀਪ ਜਿਸ ਦੇ ਚਲਦਿਆਂ ਉਸ ਨੇ ਬੀਤੀ 5 ਮਾਰਚ ਨੂੰ ਆਪਣੇ ਹੱਥੀਂ ਮੌਤ ਨੂੰ ਗਲ਼ੇ ਲਾ ਲਿਆ।ਉਨ੍ਹਾਂ ਦੱਸਿਆ ਕਿ ਦੁਬਈ ਪੁਲਿਸ ਨੇ ਭਾਰਤੀ ਦੂਤਾਵਾਸ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਉਕਤ ਨੌਜਵਾਨ ਦੀ ਪਿਛਲੇ ਡੇਢ ਮਹੀਨੇ ਤੋਂ ਲਾਵਾਰਿਸ ਪਈ ਮ੍ਰਿਤਕ ਦੇਹ ਸਬੰਧੀ ਉਸ ਦੇ ਵਾਰਸਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ।ਪਰਿਵਾਰ ਨਾਲ ਰਾਬਤਾ ਹੋਣ `ਤੇ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਜਗਤਾਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਜਗਤਾਰ ਦੇ ਪਰਿਵਾਰ ਨੂੰ ਗੁਜ਼ਾਰੇ ਲਈ ਤਿੰਨ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਹੈ।ਹਵਾਈ ਅੱਡੇ ‘ਤੇ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 302 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਮ੍ਰਿਤਕ ਦੇ ਭਰਾ ਪਰਵਿੰਦਰ ਸਿੰਘ, ਧਰਮਿੰਦਰ ਸਿੰਘ, ਰਮਨਦੀਪ ਸਿੰਘ ਅਤੇ ਚਾਚਾ ਗੁਰਮੇਜ ਸਿੰਘ ਤੇ ਸੋਢੀ ਸਿੰਘ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕੀਤਾ।